ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਤਬਾਹ; ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਪੀੜਤ ਕਿਸਾਨਾਂ ਦੀ ਮਦਦ ਲਈ ਤੁਰੰਤ ਕਦਮ ਚੁੱਕਣ।
ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਕਈ ਹਿੱਸਿਆਂ, ਖਾਸ ਕਰਕੇ ਮਾਲਵਾ ਖੇਤਰ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਪੱਕੀ ਹੋਈ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਚਿੰਤਾ ਜਤਾਈ ਕਿ ਨੁਕਸਾਨ ਇੰਨਾ ਜ਼ਿਆਦਾ ਹੈ ਕਿ ਹੁਣ ਇਹ ਫ਼ਸਲ ਪਸ਼ੂਆਂ ਦੇ ਚਾਰੇ ਦੇ ਕੰਮ ਵੀ ਨਹੀਂ ਆ ਸਕਦੀ।
ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਿੱਚ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾਣ ਵਾਲੀ ‘ਗਿਰਦਾਵਰੀ’ (ਸਰਵੇਖਣ) ਦੇ ਐਲਾਨ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਨ। ਵੜਿੰਗ ਮੁਤਾਬਕ ਜੇਕਰ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਉਹ ਸਰਵੇਖਣ ਦੀ ਉਡੀਕ ਕਰਨ ਦੀ ਬਜਾਏ ਕਿਸਾਨਾਂ ਨੂੰ ਤੁਰੰਤ ਰਾਹਤ ਰਾਸ਼ੀ ਜਾਰੀ ਕਰਦੀ। ਉਨ੍ਹਾਂ ਯਾਦ ਕਰਵਾਇਆ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਅਜੇ ਤੱਕ ਬਹੁਤ ਸਾਰੇ ਲੋਕਾਂ ਨੂੰ ਨਹੀਂ ਮਿਲਿਆ ਹੈ।
ਕਾਂਗਰਸ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਉਹ ਜਲਦੀ ਹੀ ਦਿੱਲੀ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਹਾਲਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੁਰੰਤ ਸਹਾਇਤਾ ਪ੍ਰਦਾਨ ਕਰੇ, ਕਿਉਂਕਿ ਕਿਸਾਨ ਸੂਬਾ ਸਰਕਾਰ ਦੇ ਭਰੋਸੇ ਬੈਠ ਕੇ ਹੋਰ ਇੰਤਜ਼ਾਰ ਨਹੀਂ ਕਰ ਸਕਦੇ।
Read More : ਵੱਡਾ ਸਿਆਸੀ ਧਮਾਕਾ : ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਆਪਣੀ ਨਵੀਂ ਪਾਰਟੀ
