ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਫਲਦਾਰ ਰੁੱਖਾਂ ਦੀ ਕਾਸ਼ਤ ਵਧਾਉਣ ਅਤੇ ਕਿਸਾਨਾਂ ਦੀ ਮਦਦ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਖ਼ਾਸ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਜ਼ਾਰ ਦੀ ਮੰਗ ਅਨੁਸਾਰ ਫਲਦਾਰ ਰੁੱਖਾਂ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾਵੇ।
ਮੰਤਰੀ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (JICA) ਦੇ ਸਹਿਯੋਗ ਨਾਲ ਚੱਲਣ ਵਾਲੇ ਲਗਭਗ 1300 ਕਰੋੜ ਰੁਪਏ ਦੇ ਪ੍ਰੋਜੈਕਟਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਮਕਸਦ ਪੰਜਾਬ ਵਿੱਚ ਅਜਿਹੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਜਲਵਾਯੂ ਦੇ ਅਨੁਕੂਲ ਹੋਣ ਅਤੇ ਕਿਸਾਨਾਂ ਨੂੰ ਵੱਧ ਮੁਨਾਫ਼ਾ ਦੇਣ। ਮੀਟਿੰਗ ਦੌਰਾਨ ਵਿਭਾਗ ਵਿੱਚ ਨਵੀਆਂ ਭਰਤੀਆਂ ਅਤੇ ਤਰੱਕੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਿਭਾਗ ਦੇ ਸਾਰੇ ਪ੍ਰੋਜੈਕਟ ਮਿੱਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲ ਸਕੇ। ਮੀਟਿੰਗ ਵਿੱਚ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਮੰਤਰੀ ਨੂੰ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।
Read More : ਪੰਜਾਬ ਦੇ ਸਕੂਲਾਂ ‘ਚ ਹੁਣ ਜਨਮ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ
