ਮੰਡੀਆਂ ਵਿਚ ਕਣਕ ਦੀ ਖਰੀਦ ਮੁੜ ਸ਼ੁਰੂ ਹੋਣ ਦਾ ਰਾਹ ਪੱਧਰਾ
ਚੰਡੀਗੜ੍ਹ, 9 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਮਿਸ਼ਨ ਏਜੰਟਾਂ ਨੇ ਆਪਣੀ ਹਫ਼ਤੇ ਭਰ ਚੱਲਣ ਵਾਲੀ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇਗੀ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਮੰਤਰੀਆਂ ਨੇ ‘ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ’ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਕਿ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ, ਫੈਡਰੇਸ਼ਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।
ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖਰਾਬ ਮੌਸਮ ਨੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚਾਹੇ ਸਰਕਾਰ ਹੋਵੇ ਜਾਂ ਆੜ੍ਹਤੀਏ, ਅਸੀਂ ਸਾਰੇ ਕਿਸਾਨਾਂ ਕਰਕੇ ਹੀ ਹਾਂ, ਇਸ ਲਈ ਕੁਦਰਤੀ ਆਫ਼ਤਾਂ ਦੇ ਸਮੇਂ ਸਾਨੂੰ ਇੱਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਸਰਕਾਰ ਦੀ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਕਿਸਾਨ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹਿਣਗੇ। ਮੰਤਰੀ ਖੁੱਡੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਣਕ ਦੀ ਖਰੀਦ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਤਰੀਕੇ ਨਾਲ ਯਕੀਨੀ ਬਣਾਈ ਜਾਵੇ।
Read More : ਮੋਹਾਲੀ ‘ਚ ਬਣੇਗਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ : ਮੰਤਰੀ ਸੰਜੀਵ ਅਰੋੜਾ
