ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰਦਿਆਂ ਇਸ ਪੜਾਅ ‘ਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਸਮੇਂ ਜ਼ਮਾਨਤ ਦੇਣਾ ਉਚਿਤ ਨਹੀਂ ਹੈ, ਕਿਉਂਕਿ ਕੇਸ ਦੇ ਕਈ ਮੁੱਖ ਗਵਾਹਾਂ ਦੀ ਪੁੱਛਗਿੱਛ ਅਜੇ ਬਾਕੀ ਹੈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪਹਿਲੇ ਫੈਸਲੇ ਨੂੰ ਸਹੀ ਠਹਿਰਾਇਆ ਅਤੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਰਿਹਾਈ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ।
ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਅਗਲੇ ਦੋ ਮਹੀਨਿਆਂ ਦੇ ਅੰਦਰ ਮੁਕੱਦਮਾ ਸ਼ੁਰੂ ਨਹੀਂ ਹੁੰਦਾ, ਤਾਂ ਭੁੱਲਰ ਦੁਬਾਰਾ ਜ਼ਮਾਨਤ ਲਈ ਹਾਈ ਕੋਰਟ ਤੱਕ ਪਹੁੰਚ ਕਰ ਸਕਦਾ ਹੈ।
ਇਸ ਮਾਮਲੇ ਵਿੱਚ ਸੀਬੀਆਈ (CBI) ਦੀ ਜਾਂਚ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਜਾਂਚ ਏਜੰਸੀ ਨੂੰ ਅਜਿਹੇ ਨਵੇਂ ਸਬੂਤ ਮਿਲੇ ਹਨ, ਜੋ ਪੰਜਾਬ ਦੇ ਕਈ ਹੋਰ ਆਈਏਐਸ (IAS) ਅਤੇ ਆਈਪੀਐਸ (IPS) ਅਧਿਕਾਰੀਆਂ ਦੀ ਭੂਮਿਕਾ ਵੱਲ ਇਸ਼ਾਰਾ ਕਰਦੇ ਹਨ।
ਸੀਬੀਆਈ ਨੇ ਹੁਣ ਅਣਪਛਾਤੇ ਅਧਿਕਾਰੀਆਂ ਵਿਰੁੱਧ ਵੀ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
Read More : PSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀ
