ਕਿਹਾ ‘ਨਸ਼ਾ ਮੁਕਤ ਪੰਜਾਬ’ ਅਤੇ ਵਿਕਾਸ ਰਹੇਗੀ ਮੁੱਖ ਤਰਜੀਹ
ਪਟਿਆਲਾ, 10 ਅਪ੍ਰੈਲ : 2014 ਬੈਚ ਦੇ ਹੋਣਹਾਰ ਆਈਏਐਸ (IAS) ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਅਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਜ਼ਿਲ੍ਹੇ ਦੀ ਤਰੱਕੀ ਲਈ ਅਰਦਾਸ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਪੇਸ਼ ਕੀਤਾ ਗਿਆ।
ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਹਰ ਲੋੜਵੰਦ ਤੱਕ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਸ਼ਾਸਕੀ ਸੁਧਾਰਾਂ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵਿਕਾਸ, ਬਿਹਤਰ ਸੈਨੀਟੇਸ਼ਨ (ਸਫ਼ਾਈ), ਟ੍ਰੈਫਿਕ ਪ੍ਰਬੰਧਨ, ਨੌਜਵਾਨ ਅਤੇ ਮਹਿਲਾ ਸਸ਼ਕਤੀਕਰਨ, ਨਸ਼ਾ ਛੁਡਾਊ, ਸਿੱਖਿਆ ਅਤੇ ਸਿਹਤ ਸੇਵਾਵਾਂ ਉਨ੍ਹਾਂ ਦੇ ਮੁੱਖ ਟੀਚੇ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਉਹ ਖ਼ੁਦ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣਗੇ। ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਸ਼ਾਸਨ ਦਾ ਅਸਲ ਕੰਮ ਲੋਕਾਂ ਦੀ ਨਬਜ਼ ਨੂੰ ਸਮਝਣਾ ਅਤੇ ਉਨ੍ਹਾਂ ਦੇ ਦੁੱਖਾਂ ਨੂੰ ਦੂਰ ਕਰਨਾ ਹੈ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ “ਨਸ਼ਾ ਮੁਕਤ ਪੰਜਾਬ” ਅਤੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨਾ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੈ। ਉਹ ਇਹ ਯਕੀਨੀ ਬਣਾਉਣਗੇ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਤੇ “ਮਾਵਾ ਧਿਆਨ ਸਨਮਾਨ ਯੋਜਨਾ” ਦੇ ਲਾਭ ਹਰ ਘਰ ਤੱਕ ਪਹੁੰਚਣ। ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਜਨਤਾ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ ਅਤੇ ਸਮਾਜਿਕ ਸੰਸਥਾਵਾਂ ਨੂੰ ਰੈੱਡ ਕਰਾਸ ਰਾਹੀਂ ਲੋਕ ਭਲਾਈ ਦੇ ਕੰਮਾਂ ਵਿੱਚ ਜੋੜਿਆ ਜਾਵੇਗਾ।
ਡਾ. ਹਿਮਾਂਸ਼ੂ ਅਗਰਵਾਲ ਦਾ ਪਿਛੋਕੜ ਬੇਮਿਸਾਲ ਰਿਹਾ ਹੈ। ਉਨ੍ਹਾਂ ਨੇ UPSC ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 28ਵਾਂ ਰੈਂਕ ਪ੍ਰਾਪਤ ਕੀਤਾ ਸੀ ਅਤੇ ਉਹ ਪੇਸ਼ੇ ਤੋਂ ਡਾਕਟਰ (MBBS) ਹਨ। ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਦਿਲਚਸਪ ਗੱਲ ਇਹ ਹੈ ਕਿ ਸਾਲ 2001 ਵਿੱਚ ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਅੱਠਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਉਦੋਂ ਤੋਂ ਹੀ ਉਨ੍ਹਾਂ ਦਾ ਸੁਪਨਾ ਡੀ.ਸੀ. ਬਣਨ ਦਾ ਸੀ। ਉਨ੍ਹਾਂ ਨੂੰ ਮਸੂਰੀ ਅਕੈਡਮੀ ਤੋਂ ਗੋਲਡ ਮੈਡਲ ਮਿਲਿਆ ਹੈ ਅਤੇ ਪਿਛਲੇ ਸਾਲ ਫੌਜ ਮੁਖੀ ਵੱਲੋਂ ਵੀ ਉਨ੍ਹਾਂ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਸੀ।
ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸੁਰਿੰਦਰ ਅਗਰਵਾਲ, ਮਾਤਾ ਸ਼ਕੁੰਤਲਾ ਅਗਰਵਾਲ ਅਤੇ ਬੇਟੀ ਈਸ਼ਾ ਅਗਰਵਾਲ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਕੋਮਲ ਮਿੱਤਲ (IAS) ਇਸ ਸਮੇਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੀ ਹੈ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਡਾ. ਅਗਰਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਦਾ ਦੌਰਾ ਕੀਤਾ।
Read More : ਮਾਲ ਮੰਤਰੀ ਮੁੰਡੀਆਂ ਨੇ 27 ਮਾਲ ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ; ਰਿਹਾਇਸ਼ ਨੇੜੇ ਮਿਲੇ ਸਟੇਸ਼ਨ
