ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਦਿੱਤਾ ਹਵਾਲਾ
ਚੰਡੀਗੜ੍ਹ, 12 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਸਰਕਾਰ ‘ਤੇ ਕੀਤੇ ਜਾ ਰਹੇ ਸਵਾਲਾਂ ਦਾ ਕਰਾਰਾ ਜਵਾਬ ਦਿੱਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਆਪਣੀਆਂ ਅਸਫਲਤਾਵਾਂ ਛੁਪਾਉਣ ਲਈ ਪੰਜਾਬ ਆ ਕੇ ਬੇਬੁਨਿਆਦ ਦੋਸ਼ ਲਗਾਉਂਦੇ ਹਨ, ਜਦਕਿ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਬੁਰਾ ਹਾਲ ਹੈ।
ਬਲਤੇਜ ਪੰਨੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੀ ਚੇਤਾਵਨੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਹਰਿਆਣਾ ਦੇ ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਕਾਰਡ ਤਹਿਤ ਇਲਾਜ ਬੰਦ ਕਰ ਦਿੱਤਾ ਹੈ। ਦੂਜੇ ਪਾਸੇ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦੇ ਨਕਦ ਰਹਿਤ (Cashless) ਇਲਾਜ ਦਾ ਪ੍ਰਬੰਧ ਕੀਤਾ ਹੈ, ਜਿਸ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਪਰਿਵਾਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ ਜਿੱਥੇ ਸਿੱਖਿਆ ਅਤੇ ਸਿਹਤ ਨੂੰ ਅਸਲ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਸੈਣੀ ਨੂੰ ਸਲਾਹ ਦਿੱਤੀ ਕਿ ਉਹ ਪੰਜਾਬ ਦੀ ਆਲੋਚਨਾ ਕਰਨ ਦੀ ਬਜਾਏ ਆਪਣੇ ਸੂਬੇ ਦੇ ਗਰੀਬਾਂ ਦੇ ਇਲਾਜ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਅਤੇ ਆਧੁਨਿਕ ਹਸਪਤਾਲਾਂ ਰਾਹੀਂ ਸਿਹਤ ਕ੍ਰਾਂਤੀ ਲਿਆਂਦੀ ਗਈ ਹੈ, ਜਿਸ ਦੀ ਤੁਲਨਾ ਬੇਬੁਨਿਆਦ ਦੋਸ਼ਾਂ ਨਾਲ ਨਹੀਂ ਕੀਤੀ ਜਾ ਸਕਦੀ।
Read More : ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ: ਤਰਨਤਾਰਨ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ
