Harjot-Singh-Bains

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਬੇਅਦਬੀ ਵਿਰੋਧੀ ਬਿੱਲ ਨੂੰ ਦੱਸਿਆ ਇਤਿਹਾਸਕ; ਦੋਸ਼ੀਆਂ ਨੂੰ ਹੋਵੇਗੀ ਸਖ਼ਤ ਸਜ਼ਾ

ਕਿਹਾ-ਗੁਰੂ ਸਾਹਿਬ ਦੇ ਸਤਿਕਾਰ ਲਈ ਕੋਈ ਸਮਝੌਤਾ ਨਹੀਂ ਹੋਵੇਗਾ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਸਰਕਾਰ ਨੇ ਅੱਜ ਇੱਕ ਬੇਅਦਬੀ ਸੰਬੰਧੀ ਸਖ਼ਤ ਸੋਧ ਬਿੱਲ ਪੇਸ਼ ਕੀਤਾ, ਜਿਸ ‘ਚ ‘ਬੇਅਦਬੀ’ ਦੇ ਮਾਮਲਿਆਂ ‘ਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿੱਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ‘ਚ ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ ਗਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ ‘ਬੇਅਦਬੀ’ ਦੇ ਮਾਮਲਿਆਂ ‘ਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬ ਵਿਧਾਨ ਸਭਾ ‘ਚ ਬਿੱਲ ‘ਤੇ ਚਰਚਾ ਸ਼ੁਰੂ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ, “ਮੈਂ ਅੱਜ ਸਿਰਫ਼ ਇੱਕ ਵਿਧਾਇਕ ਨਹੀਂ ਹਾਂ। ਮੈਂ ਉਸ ਧਰਤੀ ਦੀ ਆਵਾਜ਼ ਹਾਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 327 ਸਾਲ ਪਹਿਲਾਂ 13 ਅਪ੍ਰੈਲ ਨੂੰ ਸਾਰੇ ਸੰਸਾਰ ਨੂੰ ਖਾਲਸੇ ਦਾ ਤੋਹਫ਼ਾ ਦਿੱਤਾ ਸੀ।”

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦੇ ਹੋਏ, ਉਨ੍ਹਾਂ ਕਿਹਾ ਕਿ ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਉਣ ‘ਚ ਅਸਫਲ ਰਹੀਆਂ, ਸਗੋਂ ਇਨ੍ਹਾਂ ‘ਚੋਂ ਕੁਝ ਆਗੂ ਤਾਂ ਬੇਅਦਬੀ ਦੇ ਮਾਮਲਿਆਂ ‘ਚ ਦੋਸ਼ੀ ਵੀ ਸਨ ਅਤੇ ਬਾਅਦ ‘ਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਜ਼ੁਰਮ ਕਬੂਲਿਆ ਸੀ। ਅਸੀਂ ਨਿਮਰ ਪਿਛੋਕੜ ਵਾਲੇ ਹਾਂ ਅਤੇ ਇੱਥੇ ਪਹੁੰਚਣ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਅੱਜ ਇਸ ਸਰਕਾਰ ਰਾਹੀਂ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੁਦ ਸਾਡੇ ਕੋਲੋਂ ਇਹ ਸੇਵਾ ਕਰਵਾ ਰਹੇ ਹਨ।”

ਕੈਬਨਿਟ ਮੰਤਰੀ ਮੁਤਾਬਕ ਇਸ ਬਿੱਲ ਤਹਿਤ ਸਿਰਫ਼ ਡੀਐਸਪੀ-ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀ ਹੀ ‘ਬੇਅਦਬੀ’ ਮਾਮਲਿਆਂ ਦੀ ਜਾਂਚ ਕਰ ਸਕਦੇ ਹਨ। ਜਾਂਚ ਅਤੇ ਮੁਕੱਦਮੇ ਲਈ ਸਖ਼ਤ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਅਦਾਲਤ ਤੋਂ ਬਾਹਰ ਕਿਸੇ ਵੀ ਤਰ੍ਹਾਂ ਦੇ ਸਮਝੌਤੇ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਵਾਰੰਟ ਤੋਂ ਬਿਨਾਂ ਗ੍ਰਿਫਤਾਰੀਆਂ ਦੀ ਆਗਿਆ ਹੋਵੇਗੀ। ਦੋਸ਼ੀ ਠਹਿਰਾਏ ਜਾਣ ‘ਤੇ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ। ਸਾਜ਼ਿਸ਼ ਰਚਣ ਵਾਲਿਆਂ ਜਾਂ ਉਕਸਾਉਣ ਵਾਲਿਆਂ ਲਈ ਵੀ ਬਰਾਬਰ ਦੀ ਸਜ਼ਾ ਹੋਵੇਗੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕਾਨੂੰਨ ਸਿਰਫ ਸਿੱਖ ਭਾਈਚਾਰੇ ਤੱਕ ਹੀ ਸੀਮਿਤ ਨਹੀਂ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਿੰਦੂਆਂ, ਮੁਸਲਮਾਨਾਂ ਅਤੇ ਉਨ੍ਹਾਂ ਸਾਰਿਆਂ ਲਈ ਇੱਕ ਸਤਿਕਾਰਤ ਗ੍ਰੰਥ ਹੈ ਜੋ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਨੂੰ ਮੰਨਦੇ ਹਨ।”

ਉਨ੍ਹਾਂ ਅਖੀਰ ਵਿੱਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੱਕ-ਨਾਨਕੀ (ਹੁਣ ਸ੍ਰੀ ਅਨੰਦਪੁਰ ਸਾਹਿਬ) ਸ਼ਹਿਰ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਕਿਹਾ, “ਮੈਂ ਸੁਭਾਗਾ ਮਹਿਸੂਸ ਕਰਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ‘ਚ ਇਸ ਧਰਤੀ ‘ਤੇ ਵਿਸ਼ੇਸ਼ ਸ਼ੈਸ਼ਨ ਕਰਵਾਇਆ।”

Read More : ਵਿਜੀਲੈਂਸ ਦਾ ਐਕਸ਼ਨ: ਬੀਜ ਸਰਟੀਫਿਕੇਸ਼ਨ ਅਧਿਕਾਰੀ 50 ਹਜ਼ਾਰ ਰਿਸ਼ਵਤ ਲੈਂਦਾ ਕਾਬੂ

Leave a Reply

Your email address will not be published. Required fields are marked *