ਬੀ.ਬੀ.ਐੱਮ.ਬੀ. ’ਚ ਪੰਜਾਬ ਦੇ ਅਧਿਕਾਰ ਘਟਾਉਣ ’ਤੇ ਜਤਾਇਆ ਸਖ਼ਤ ਇਤਰਾਜ਼; ਕੇਂਦਰ ’ਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਲਾਏ ਦੋਸ਼
ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕੇਂਦਰ ਹੌਲੀ-ਹੌਲੀ ਪੰਜਾਬ ਦੇ ਅਧਿਕਾਰਾਂ ਨੂੰ ਖ਼ਤਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਸਿੱਧੇ ਤੌਰ ’ਤੇ ਸੂਬੇ ’ਚ ਸ਼ਾਸਨ ਕਰਨ ਲਈ ਰਾਸ਼ਟਰਪਤੀ ਸ਼ਾਸਨ ਲਾਉਣ ਵੱਲ ਕਦਮ ਵਧਾ ਰਹੇ ਹਨ।
ਰਾਜਾ ਵੜਿੰਗ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਦੀ ਮੈਂਬਰਸ਼ਿਪ ਨੂੰ ਬਾਹਰੀ ਲੋਕਾਂ ਲਈ ਖੋਲ੍ਹਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਬੀ.ਬੀ.ਐੱਮ.ਬੀ. ਦੀ ਪ੍ਰਤੀਨਿਧਤਾ ਪੰਜਾਬ ਅਤੇ ਹਰਿਆਣਾ ਤੱਕ ਹੀ ਸੀਮਤ ਸੀ, ਪਰ ਨਵੇਂ ਨਿਯਮ ਸੂਬੇ ਦੇ ਬਚੇ-ਖੁਚੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਵੜਿੰਗ ਅਨੁਸਾਰ ਇਹ ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲਗਾਤਾਰ ਸੂਬੇ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਡੂੰਘੀ ਨੀਂਦ ’ਚ ਸੁੱਤੀ ਹੋਈ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਹਿਲਾਂ ਬੀ.ਬੀ.ਐੱਮ.ਬੀ. ਦਾ ਚੇਅਰਮੈਨ ਬਾਹਰੀ ਵਿਅਕਤੀ ਨੂੰ ਲਾਇਆ ਗਿਆ, ਫਿਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਨੂੰ ਖ਼ਤਮ ਕਰਨ ਅਤੇ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਕੋਸ਼ਿਸ਼ ਕੀਤੀ ਗਈ।
ਰਾਜਾ ਵੜਿੰਗ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਨੂੰ ਯੂ.ਟੀ. ’ਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਅਤੇ ਇਜਾਜ਼ਤ ਦੇਣ ਦੇ ਮੁੱਦੇ ਨੂੰ ਵੀ ਪੰਜਾਬ ਵਿਰੋਧੀ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ।
Read More : ਸਰਹੱਦ ਪਾਰੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 3 ਗ੍ਰਿਫ਼ਤਾਰ, 6 ਪਿਸਤੌਲ ਬਰਾਮਦ
