ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ, ਵਿਰੋਧੀਆਂ ਦੀਆਂ ਤੱਥਹੀਣ ਗੱਲਾਂ ’ਤੇ ਨਾ ਦਿਓ ਧਿਆਨ : ਕੈਬਨਿਟ ਮੰਤਰੀ
ਖਨੌਰੀ, 15 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਅਨਾਜ ਮੰਡੀ ’ਚ ਕਣਕ ਦੀ ਸਰਕਾਰੀ ਖਰੀਦ ਦੀ ਵਿਧਿਵਤ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਫ਼ਸਲ ਦੇ ਚਮਕਹੀਣ ਹੋਣ ਅਤੇ ਦਾਣੇ ਦੇ ਸੁੰਗੜਨ ਵਰਗੀਆਂ ਦਿੱਕਤਾਂ ਆਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁਸ਼ਕਲਾਂ ਦੇ ਮੱਦੇਨਜ਼ਰ ਰਾਜਸਥਾਨ ਦੀ ਤਰਜ਼ ’ਤੇ ਪੰਜਾਬ ਦੇ ਖਰੀਦ ਮਾਪਦੰਡਾਂ ’ਚ ਵੀ ਫੌਰੀ ਛੋਟ ਦਿੱਤੀ ਜਾਵੇ।
ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ’ਚੋਂ ਸੂਬੇ ’ਚ ਸਿਰਫ਼ 08 ਲੱਖ ਮੀਟ੍ਰਿਕ ਟਨ ਦੀ ਖਪਤ ਹੁੰਦੀ ਹੈ ਅਤੇ ਬਾਕੀ 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ’ਚ ਭੇਜੀ ਜਾਂਦੀ ਹੈ। ਐੱਫ.ਸੀ.ਆਈ. ਦੇ ਸਖ਼ਤ ਮਾਪਦੰਡਾਂ ਕਾਰਨ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਕੇਂਦਰ ਦੀ ਰਾਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਤੱਥਹੀਣ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਅਜਿਹੀਆਂ ਗੱਲਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ।
ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਪੀਣ ਵਾਲੇ ਪਾਣੀ, ਬਿਜਲੀ, ਸਫ਼ਾਈ ਅਤੇ ਛਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਫ਼ਸਲ ਦੀ ਚੁਕਾਈ ਅਤੇ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ।
ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Read More : ਬੀਬੀਐਮਬੀ ਨਿਯੁਕਤੀ ਨਿਯਮਾਂ ਵਿਚ ਕੇਂਦਰ ਦੀ ਸੋਧ ਪੰਜਾਬ ਦੇ ਹੱਕਾਂ ਅਤੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ : ‘ਆਪ’
