ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ED ਰਾਹੀਂ ਪੰਜਾਬ ‘ਚ ਚੋਣ ਮੁਹਿੰਮ ਚਲਾ ਰਹੀ ਹੈ ਪਰ ਅਸੀਂ ਡਰਨ ਵਾਲੇ ਨਹੀਂ : ਭਗਵੰਤ ਮਾਨ

117 ਉਮੀਦਵਾਰ ਨਾ ਮਿਲਣ ਕਰ ਕੇ ਕੇਂਦਰੀ ਏਜੰਸੀਆਂ ਰਾਹੀਂ ਡਰ ਫੈਲਾ ਰਹੀ ਹੈ ਭਾਜਪਾ; ਤਾਨਾਸ਼ਾਹੀ ਵਿਰੁੱਧ ਜਾਰੀ ਰਹੇਗੀ ਜੰਗ

ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ‘ਆਪ’ ਆਗੂਆਂ ਦੇ ਘਰਾਂ ‘ਤੇ ਹੋਈ ਈਡੀ (ED) ਦੀ ਛਾਪੇਮਾਰੀ ਭਾਜਪਾ ਦੀ ਚੋਣ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਪੰਜਾਬ ਵਿੱਚ 117 ਉਮੀਦਵਾਰ ਨਹੀਂ ਮਿਲ ਰਹੇ, ਉਹ ਹੁਣ ਕੇਂਦਰੀ ਏਜੰਸੀਆਂ ਰਾਹੀਂ ਡਰ ਫੈਲਾ ਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੁਣ ਮੰਤਰੀ ਸੰਜੀਵ ਅਰੋੜਾ ਦੇ ਘਰ ਹੋਈ ਛਾਪੇਮਾਰੀ ਸਿਰਫ਼ ਇਸ ਲਈ ਕੀਤੀ ਗਈ ਕਿਉਂਕਿ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਭਾਜਪਾ ਦੀ ‘ਵਾਸ਼ਿੰਗ ਮਸ਼ੀਨ’ ਵਿੱਚ ਚਲੇ ਜਾਂਦੇ ਹਨ, ਉਨ੍ਹਾਂ ਦੇ ਸਾਰੇ ਦਾਗ ਧੋ ਦਿੱਤੇ ਜਾਂਦੇ ਹਨ, ਪਰ ਵਿਰੋਧੀ ਸਰਕਾਰਾਂ ਨੂੰ ਫੰਡ ਰੋਕ ਕੇ, ਰਾਜਪਾਲਾਂ, ਈਡੀ ਅਤੇ ਸੀਬੀਆਈ ਰਾਹੀਂ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਭਾਜਪਾ ਦੇ ਕਮਜ਼ੋਰ ਅਧਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਨੇ ਸੂਬੇ ਵਿੱਚ ਇੱਕ ‘ਕਾਂਗਰਸ ਵਿੰਗ’ ਸਥਾਪਤ ਕਰ ਲਿਆ ਹੈ, ਜਿੱਥੇ ਕਾਂਗਰਸੀ ਆਗੂਆਂ ਨੂੰ ਫਾਈਲਾਂ ਦਿਖਾ ਕੇ ਡਰਾਇਆ ਜਾਂਦਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਲਾਹ ਦਿੱਤੀ ਕਿ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਬਜਾਏ ਬੇਰੁਜ਼ਗਾਰੀ, ਮਹਿੰਗਾਈ ਅਤੇ ਸਕੂਲ-ਹਸਪਤਾਲਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਦੇਣ।

ਮੁੱਖ ਮੰਤਰੀ ਨੇ ਦੇਸ਼ ਦੇ ਮੌਜੂਦਾ ਹਾਲਾਤ ਦੀ ਤੁਲਨਾ ਰੂਸ ਅਤੇ ਉੱਤਰੀ ਕੋਰੀਆ ਦੀ ਤਾਨਾਸ਼ਾਹੀ ਨਾਲ ਕਰਦਿਆਂ ਕਿਹਾ ਕਿ ਅੱਜ ਦੇਸ਼ ਨੂੰ ‘ਹਮ ਦੋ, ਹਮਾਰੇ ਦੋ’ (ਮੋਦੀ-ਸ਼ਾਹ ਅਤੇ ਅੰਬਾਨੀ-ਅਡਾਨੀ) ਦਾ ਫਾਰਮੂਲਾ ਚਲਾ ਰਿਹਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ‘ਆਪ’ ਛਾਪਿਆਂ ਜਾਂ ਧਮਕੀਆਂ ਤੋਂ ਨਹੀਂ ਡਰੇਗੀ ਅਤੇ ਸੰਵਿਧਾਨ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖੇਗੀ।

Read More : ਵਿੱਤ ਮੰਤਰੀ ਚੀਮਾ ਨੇ ਆਬਕਾਰੀ ਵਿਭਾਗ ਲਈ 25 ਨਵੀਆਂ ਗੱਡੀਆਂ ਨੂੰ ਦਿੱਤੀ ਹਰੀ ਝੰਡੀ

Leave a Reply

Your email address will not be published. Required fields are marked *