MeetHayer

ਸੰਸਦ ‘ਚ ਕੇਂਦਰ ‘ਤੇ ਵਰ੍ਹੇ ਮੀਤ ਹੇਅਰ : ਹੱਦਬੰਦੀ ਦੇ ਨਾਂ ‘ਤੇ ਪੰਜਾਬ ਦੀ ਪ੍ਰਤੀਨਿਧਤਾ ਘਟਾਉਣਾ ਬਰਦਾਸ਼ਤ ਨਹੀਂ

ਰਾਖਵਾਂਕਰਨ ਦੇ ਨਾਂ ‘ਤੇ ਰਾਜਨੀਤੀ ਕਰਨ ਦੇ ਲਾਏ ਦੋਸ਼; ਵਿਦੇਸ਼ੀ ਪੰਜਾਬੀਆਂ ਲਈ ਮੰਗੀ ਦੋਹਰੀ ਨਾਗਰਿਕਤਾ

ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ : ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਹੋ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਮੀਤ ਹੇਅਰ ਨੇ ਕਿਹਾ ਕਿ ਉਹ ਮਹਿਲਾ ਰਾਖਵਾਂਕਰਨ ਦਾ ਪੂਰਾ ਸਮਰਥਨ ਕਰਦੇ ਹਨ, ਪਰ ਜਿਸ ਤਰੀਕੇ ਅਤੇ ਸਮੇਂ ‘ਤੇ ਇਹ ਬਿੱਲ ਲਿਆਂਦਾ ਗਿਆ ਹੈ, ਉਸ ਤੋਂ ਕੇਂਦਰ ਸਰਕਾਰ ਦੇ ਇਰਾਦਿਆਂ ‘ਤੇ ਗੰਭੀਰ ਸ਼ੱਕ ਪੈਦਾ ਹੁੰਦਾ ਹੈ। ਉਨ੍ਹਾਂ ਇਸ ਕਦਮ ਨੂੰ ਸਿਰਫ਼ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਦੱਸਿਆ।

ਮੀਤ ਹੇਅਰ ਨੇ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਚਿਤਾਵਨੀ ਦਿੱਤੀ ਕਿ ਇਹ ਪੰਜਾਬ ਵਰਗੇ ਛੋਟੇ ਸੂਬਿਆਂ ਦੇ ਸੰਘੀ ਢਾਂਚੇ ਨੂੰ ਵਿਗਾੜ ਕੇ ਉਨ੍ਹਾਂ ਦੀ ਪ੍ਰਤੀਨਿਧਤਾ ਨੂੰ ਹੋਰ ਕਮਜ਼ੋਰ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਹੱਦਬੰਦੀ ਕਾਰਨ ਵੱਡੀ ਆਬਾਦੀ ਵਾਲੇ ਸੂਬਿਆਂ ਨੂੰ ਮਹੱਤਵਪੂਰਨ ਲਾਭ ਮਿਲੇਗਾ, ਜਦਕਿ ਪੰਜਾਬ ਦੀ ਕੇਂਦਰ ਵਿੱਚ ਆਵਾਜ਼ ਹੋਰ ਘੱਟ ਜਾਵੇਗੀ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨਾਲ ਪਹਿਲਾਂ ਹੀ ਮਤਰੇਈ ਮਾਂ ਵਾਲਾ ਸਲੂਕ ਹੋ ਰਿਹਾ ਹੈ; ਸੂਬੇ ਦੇ ਫੰਡ ਰੋਕੇ ਜਾ ਰਹੇ ਹਨ ਅਤੇ ਬੀਬੀਐਮਬੀ (BBMB) ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਦੂਜੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਯੂਰਪ ਵਿੱਚ ਸਾਰੇ ਸੂਬਿਆਂ ਨੂੰ ਬਰਾਬਰ ਅਧਿਕਾਰ ਮਿਲਦੇ ਹਨ, ਭਾਰਤ ਨੂੰ ਵੀ ਅਜਿਹਾ ਹੀ ਢਾਂਚਾ ਅਪਣਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਰਾਜ ਨਾਲ ਵਿਤਕਰਾ ਨਾ ਹੋਵੇ।

ਇਸ ਦੌਰਾਨ ਮੀਤ ਹੇਅਰ ਨੇ ਪ੍ਰਵਾਸੀ ਪੰਜਾਬੀਆਂ (NRIs) ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੇ ਦੇਸ਼ ਅਤੇ ਪੰਜਾਬ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਵਾਸੀਆਂ ਦੇ ਆਪਣੇ ਵਤਨ ਨਾਲ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ‘ਦੋਹਰੀ ਨਾਗਰਿਕਤਾ’ ਦੇਣ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪੰਜਾਬ ਨਾਲ ਕੀਤੇ ਗਏ ਵਾਅਦੇ ਅਜੇ ਵੀ ਅਧੂਰੇ ਹਨ ਅਤੇ ਉਹ ਸੂਬੇ ਦੇ ਹੱਕਾਂ ਲਈ ਲੜਦੇ ਰਹਿਣਗੇ।

Read More : ਵੱਡੀ ਖ਼ਬਰ: ਇਰਾਨ ਨੇ ਵਪਾਰ ਲਈ ਖੋਲ੍ਹਿਆ ਹੋਰਮੂਜ਼ ਸਟ੍ਰੇਟ

Leave a Reply

Your email address will not be published. Required fields are marked *