29 ਦੇ ਸ਼ੰਭੂ ਮੋਰਚੇ ਵੱਲ ਅੰਮ੍ਰਿਤਸਰ ਤੋਂ ਕੂਚ ਕਰੇਗਾ ਸੈਂਕੜੇ ਟਰੈਕਟਰ-ਟਰਾਲੀਆਂ ਦਾ ਜਥਾ
ਜੰਡਿਆਲਾ ਗੁਰੂ : ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ’ਤੇ ਚੱਲ ਰਹੇ ਦਿੱਲੀ ਅੰਦੋਲਨ ਦਾ 2 ਫਰਵਰੀ ਨੂੰ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਕਰ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਅੰਮ੍ਰਿਤਸਰ ਵੱਲੋਂ 29 ਜਨਵਰੀ ਨੂੰ ਸ਼ੰਭੂ ਬਾਰਡਰ ਨੂੰ ਕੂਚ ਕਰਨ ਅਤੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਚ ਵਿਸ਼ਾਲ ਇਕੱਠ ਕੀਤਾ ਗਿਅਾ।
ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡੈੱਡਲਾਕ ਤੋਂ ਬਾਅਦ ਲੱਖਾਂ ਕਿਸਾਨਾਂ-ਮਜ਼ਦੂਰਾਂ ਨੂੰ ਸਾਲ ਭਰ ਸੜਕਾਂ ’ਤੇ ਬੈਠਣ ਲਈ ਮਜ਼ਬੂਰ ਕਰਨ, ਸ਼ੁਭਕਰਨ ਸਿੰਘ ਸਮੇਤ ਦਰਜਨਾਂ ਕਿਸਾਨਾਂ-ਮਜ਼ਦੂਰਾਂ ਦੀ ਜਾਨ ਲੈਣ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਖਤਰੇ ਵਿਚ ਪਾਉਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਮੰਗਾਂ ਦਾ ਸਾਰਥਕ ਹੱਲ ਨਿਕਲਣਾ ਚਾਹੀਦਾ ਹੈ।
ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਅੱਜ ਦਾ ਇੱਕਠ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕ ਦਿੱਲੀ ਅੰਦੋਲਨ ਚਲਾ ਰਹੀਆਂ ਜਥੇਬੰਦੀਆਂ ਨਾਲ ਪੂਰੀ ਤਰ੍ਹਾਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਟਰੈਕਟਰ ਸੜਕਾਂ ’ਤੇ ਉਤਾਰ ਕੇ ਸਰਕਾਰ ਨੂੰ ਸਿੱਧ ਕਰ ਦਿੱਤਾ ਜਾਵੇਗਾ ਕਿ ਇਹ ਅੰਦੋਲਨ ਪੂਰੇ ਦੇਸ਼ ਨੂੰ ਆਪਣੇ ਕਲਾਵੇ ਵਿਚ ਲੈਣ ਵਾਲਾ ਹੈ ਅਤੇ ਪੂਰੇ ਦੇਸ਼ ਦਾ ਕਿਸਾਨ-ਮਜ਼ਦੂਰ ਆਪਣੇ ਹੱਕਾਂ ਦੀ ਲੜਾਈ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ 12 ਤੋਂ 1.30 ਵਜੇ ਤੱਕ ਲੱਖਾਂ ਟਰੈਕਟਰ ਵੱਖ-ਵੱਖ ਕਾਰਪੋਰੇਟ ਘਰਾਣਿਆਂ ਦੇ ਸੈਲੋ ਗੁਦਾਮਾਂ, ਸ਼ਾਪਿੰਗ ਮਾਲਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਖੜ੍ਹੇ ਕਰ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਇਸੇ ਤਰ੍ਹਾਂ 24 ਅਤੇ 25 ਜਨਵਰੀ ਨੂੰ ਕੱਥੂਨੰਗਲ ਨਜ਼ਦੀਕ ਪਿੰਡ ਅਬਦਾਲ, ਲੋਪੋਕੇ ਦੇ ਗੁਰਦੁਆਰਾ ਸਾਧੂ ਸਿੱਖ ਅਤੇ ਅਜਨਾਲਾ ਨਜ਼ਦੀਕ ਕਸਬਾ ਪੱਕਾ ਸ਼ਹਿਰ ਵਿਚ ਵਿਸ਼ਾਲ ਇਕੱਠ ਕਰ ਕੇ ਤਿਆਰੀ ਪ੍ਰੋਗਰਾਮ ਕੀਤੇ ਜਾਣਗੇ। 29 ਜਨਵਰੀ ਨੂੰ ਸੈਂਕੜੇ ਟਰਾਲੀਆਂ ਬਿਆਸ ਵਿਖੇ ਇੱਕਠੀਆਂ ਹੋਣਗੀਆਂ ਅਤੇ 30 ਜਨਵਰੀ ਦੀ ਸਵੇਰ ਨੂੰ ਕਾਫਲੇ ਦੇ ਰੂਪ ਵਿਚ ਸ਼ੰਭੂ ਮੋਰਚੇ ਨੂੰ ਕੂਚ ਕੀਤਾ ਜਾਵੇਗਾ। ਇਸ ਮੌਕੇ ਅੱਜ ਦੇ ਇੱਕਠ ਨੇ ਹੱਥ ਖੜ੍ਹੇ ਕਰ ਕੇ 5 ਮਤੇ ਪਾਸ ਕੀਤੇ।
