ਟਾਡਾ ਮੰਡੀ

ਮੰਡੀਆਂ ਵਿਚ ਕਣਕ ਦੀ ਖ਼ਰੀਦ ਤੇਜ਼: 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ ਮੁਕੰਮਲ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਟਾਂਡਾ ਮੰਡੀ ਦਾ ਦੌਰਾ ਕਰ ਕੇ ਲਿਆ ਜਾਇਜ਼ਾ, ਕਿਸਾਨਾਂ ਦੇ ਖਾਤਿਆਂ ‘ਚ ਪਾਏ 647 ਕਰੋੜ ਰੁਪਏ

ਟਾਂਡਾ, 20 ਅਪ੍ਰੈਲ : ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਟਾਂਡਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 28 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 24 ਲੱਖ ਮੀਟਰਿਕ ਟਨ ਤੋਂ ਵੱਧ ਫ਼ਸਲ ਦੀ ਖ਼ਰੀਦ ਯਕੀਨੀ ਬਣਾਈ ਗਈ ਹੈ।

ਟਾਂਡਾ ਮੰਡੀ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਪਹੁੰਚੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਬਸਤੀ ਦੇ ਕਿਸਾਨ ਜੈਲ਼ਾ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ 2585 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ਦੇ ਹਿਸਾਬ ਨਾਲ ਹੁਣ ਤੱਕ ਕਿਸਾਨਾਂ ਨੂੰ 647 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਨਿਯਮਾਂ ਅਨੁਸਾਰ 48 ਘੰਟਿਆਂ ਦੇ ਅੰਦਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਨੂੰ ਪੂਰਾ ਕਰਨ ਲਈ ਮੰਡੀਆਂ ਵਿੱਚ ਬਾਰਦਾਨਾ, ਲੇਬਰ ਅਤੇ ਢੋਆ-ਢੁਆਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀ ਮਸ਼ੀਨਰੀ ਦੀ ਵਰਤੋਂ ਕਰਨ। ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ 78 ਮੰਡੀਆਂ (65 ਪੱਕੀਆਂ ਤੇ 13 ਆਰਜ਼ੀ) ਸਥਾਪਤ ਕੀਤੀਆਂ ਗਈਆਂ ਹਨ, ਜਿੱਥੇ 3,16,000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਮੌਕੇ ਐਸ.ਡੀ.ਐਮ. ਲਵਪ੍ਰੀਤ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ, ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਰਜਨੀਸ਼ ਕੁਮਾਰੀ ਅਤੇ ਡੀ.ਐਫ.ਐਸ.ਸੀ. ਪ੍ਰੀਤਕਮਲ ਸੂਦ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Read More : 13 ਡਿਗਰੀ ਤਾਪਮਾਨ ਤੇ 5416 ਮੀਟਰ ਦੀ ਉਚਾਈ: 7 ਸਾਲਾ ਤੇਗਬੀਰ ਦਾ ਵੱਡਾ ਕਮਾਲ

Leave a Reply

Your email address will not be published. Required fields are marked *