1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ; ਧੀਆਂ ਦੇ ਵਿਆਹ ਲਈ ਵਿੱਤੀ ਬੋਝ ਘਟਾਉਣ ‘ਤੇ ਸਰਕਾਰ ਦਾ ਜ਼ੋਰ
ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਅਤੇ ਹੋਰ ਯੋਗ ਵਰਗਾਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਕੀਮ ਰਾਹੀਂ ਹੁਣ ਤੱਕ ਸੂਬੇ ਦੇ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਉਨ੍ਹਾਂ ਦੇ ਮਾਪਿਆਂ ‘ਤੇ ਪੈਂਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਵਿੱਤੀ ਮਦਦ ਦੇਣਾ ਹੀ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਲਈ ਸਵੈ-ਮਾਣ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਹ ਸਥਾਈ ਨਿਵਾਸੀ ਜੋ ਗਰੀਬੀ ਰੇਖਾ ਤੋਂ ਹੇਠਾਂ ਆਉਂਦੇ ਹਨ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ, ਉਹ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਇਸ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਸਹਾਇਤਾ ਪ੍ਰਾਪਤ ਹੋਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ।
Read More : ਗੈਰ-ਕਾਨੂੰਨੀ ਹਥਿਆਰਾਂ ਦਾ ਮਾਡਿਊਲ ਬੇਨਕਾਬ, 3 ਗ੍ਰਿਫ਼ਤਾਰ
