ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਦਿੱਤਾ ਭਰੋਸਾ
ਸੰਗਰੂਰ, 20 ਅਪ੍ਰੈਲ : ਸੰਗਰੂਰ ਦੀ ਅਨਾਜ ਮੰਡੀ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖ਼ਰੀਦ ਪ੍ਰਬੰਧਾਂ ਦਾ ਵਿਸ਼ੇਸ਼ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਆਤਮ-ਸਨਮਾਨ ਅਤੇ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 38.72 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕਿਸਾਨਾਂ ਨੂੰ ਹੁਣ ਤੱਕ 1818.31 ਕਰੋੜ ਰੁਪਏ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9.5 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ ਅਤੇ ਲਿਫ਼ਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ।
ਇਸ ਮੌਕੇ ਮੰਡੀ ਵਿੱਚ ਪੁੱਜੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ। ਸਰਕਾਰ ਵੱਲੋਂ ਕੀਤੇ ਜਾ ਰਹੇ ਸਾਰਥਕ ਯਤਨਾਂ ਸਦਕਾ ਇਸ ਵਾਰ ਖ਼ਰੀਦ ਸੀਜ਼ਨ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚੜ੍ਹ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰ ਦਾ ਟੀਚਾ ਇਸ ਸੀਜ਼ਨ ਵਿੱਚ ਸੂਬੇ ਭਰ ਵਿੱਚ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਹੈ।
Read More : ਰਾਜਾ ਵੜਿੰਗ ਦਾ ਕੇਂਦਰ ‘ਤੇ ਹਮਲਾ, ਹੱਦਬੰਦੀ ਨਾਲ ਉੱਤਰ-ਦੱਖਣ ਦੇ ਅਸੰਤੁਲਨ ਦਾ ਖ਼ਤਰਾ
