ਕੇਸ ਚੰਡੀਗੜ੍ਹ ਤਬਦੀਲ ਕਰਨ ਦੇ ਅਧਿਕਾਰਤ ਹੁਕਮਾਂ ਦੀ ਉਡੀਕ; ਸੁਖਬੀਰ ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼
ਫ਼ਰੀਦਕੋਟ, 21 ਅਪ੍ਰੈਲ : ਸਾਲ 2015 ’ਚ ਵਾਪਰੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ’ਚ ਹੋਈ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸਿੰਘ ਸ਼ਰਮਾ, ਡੀ.ਆਈ.ਜੀ. ਅਮਰ ਸਿੰਘ ਚਾਹਲ ਅਤੇ ਸਾਬਕਾ ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸਾਬਕਾ ਪੁਲਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਸ ਕੇਸ ਨੂੰ ਫ਼ਰੀਦਕੋਟ ਤੋਂ ਬਾਹਰ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਦੀ ਅਦਾਲਤ ’ਚ ਤਬਦੀਲ ਕਰਨ ਦਾ ਫ਼ੈਸਲਾ ਸੁਣਾਇਆ ਹੈ, ਪਰ ਅਜੇ ਤੱਕ ਇਸ ਤਬਦੀਲੀ ਦੇ ਅਧਿਕਾਰਤ ਹੁਕਮ ਫ਼ਰੀਦਕੋਟ ਅਦਾਲਤ ਨੂੰ ਪ੍ਰਾਪਤ ਨਹੀਂ ਹੋਏ ਹਨ।ਇਸ ਤਕਨੀਕੀ ਕਾਰਨ ਨੂੰ ਧਿਆਨ ’ਚ ਰੱਖਦੇ ਹੋਏ ਅਦਾਲਤ ਨੇ ਸੁਣਵਾਈ ਅੱਗੇ ਪਾ ਦਿੱਤੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਅਗਲੀ ਸੁਣਵਾਈ ਤੱਕ ਸਥਿਤੀ ਸਪੱਸ਼ਟ ਹੋ ਜਾਵੇਗੀ।
Read More : ਸੀਬੀਆਈ ਦੇ ਨੋਟਿਸਾਂ ‘ਤੇ ਹੁਣ ਲੱਗੇਗਾ ਵਿਸ਼ੇਸ਼ QR ਕੋਡ; 1 ਮਈ ਤੋਂ ਲਾਗੂ ਹੋਵੇਗਾ ਨਵਾਂ ਸਿਸਟਮ
