ਅਸਲਾ ਅੰਮ੍ਰਿਤਸਰ

915 ਗ੍ਰਾਮ ‘ਆਈਸ’ ਅਤੇ 5 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

ਸਰਹੱਦ ਪਾਰੋਂ ਡਰੋਨ ਰਾਹੀਂ ਚੱਲ ਰਿਹਾ ਸੀ ਨਸ਼ਾ-ਹਥਿਆਰਾਂ ਦਾ ਨੈੱਟਵਰਕ

ਅੰਮ੍ਰਿਤਸਰ, 23 ਅਪ੍ਰੈਲ : ਪੰਜਾਬ ਪੁਲਸ ਨੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ।

ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 915 ਗ੍ਰਾਮ ‘ਆਈਸ’ (ਮੈਥਾਮਫੇਟਾਮਾਈਨ) ਅਤੇ 5 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਪਿਸਤੌਲਾਂ ਵਿੱਚ ਦੋ 9 ਐੱਮ.ਐੱਮ. ਗਲੌਕ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 2 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀ ਜਾਣ ਵਾਲੀ ਨਸ਼ੇ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਇਹ ਸਫਲਤਾ ਮਿਲੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ਵਿੱਚ ਇਹ ਖੇਪਾਂ ਸੁੱਟੀਆਂ ਜਾਂਦੀਆਂ ਸਨ, ਜਿੱਥੋਂ ਮੁਲਜ਼ਮ ਇਨ੍ਹਾਂ ਨੂੰ ਇਕੱਠਾ ਕਰਦੇ ਸਨ। ਇਸ ਮਾਮਲੇ ਸਬੰਧੀ ਥਾਣਾ ਗੇਟ ਹਕੀਮਾਂ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੁਲਸ ਵੱਲੋਂ ਅਗਲੀ ਜਾਂਚ ਜਾਰੀ ਹੈ।

Read More : ਮਾਣਹਾਨੀ ਮਾਮਲਾ: ਬਿਕਰਮ ਮਜੀਠੀਆ ਅਦਾਲਤ ਵਿਚ ਪੇਸ਼, ਅਗਲੀ ਸੁਣਵਾਈ 12 ਮਈ ਨੂੰ

Leave a Reply

Your email address will not be published. Required fields are marked *