ਗਰੀਬਾਂ ਲਈ 5 ਲੱਖ ਦੀ ਮੁਫ਼ਤ ਸਿਹਤ ਸੇਵਾ ਦਾ ਵਾਅਦਾ; 5 ਮਈ ਤੋਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਭੇਜਾਂਗੇ
ਹਿੰਗਲਗੰਜ, 25 ਅਪ੍ਰੈਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ ਦੇ ਹਿੰਗਲਗੰਜ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਪਸ਼ੂਆਂ ਦੀ ਸਮੱਗਲਿੰਗ ਅਤੇ ਸਿਆਸੀ ਹਿੰਸਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਸ਼ਾਹ ਨੇ ਗਊ ਸਮੱਗਲਿੰਗ ‘ਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇੰਨੀ ਸਖ਼ਤ ਸਜ਼ਾ ਦਿੱਤੀ ਜਾਵੇਗੀ ਕਿ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਵੀ ਅਜਿਹਾ ਕਰਨ ਦੀ ਹਿੰਮਤ ਨਹੀਂ ਕਰਨਗੀਆਂ। ਉਨ੍ਹਾਂ ਭਾਜਪਾ ਵਰਕਰਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਕਿ 4 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ 5 ਮਈ ਤੋਂ ਸਾਰੇ ਦੋਸ਼ੀਆਂ ਨੂੰ ਜੇਲ੍ਹ ‘ਚ ਡੱਕ ਦਿੱਤਾ ਜਾਵੇਗਾ।
ਚੋਣ ਪ੍ਰਚਾਰ ਦੌਰਾਨ ਸ਼ਾਹ ਨੇ ਵਾਅਦਾ ਕੀਤਾ ਕਿ ਸੱਤਾ ‘ਚ ਆਉਣ ਤੋਂ ਬਾਅਦ ਸੂਬੇ ਦੇ ਗਰੀਬਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬਦਲਣ ਨਾਲ ‘ਕਟ ਮਨੀ’ ਅਤੇ ‘ਭਾਈਪੋ (ਭਤੀਜਾ) ਟੈਕਸ’ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਚੋਣ ਲਾਭ ਲਈ ਘੁਸਪੈਠ ਨੂੰ ਸ਼ਹਿ ਦੇਣ ਦੇ ਵੀ ਗੰਭੀਰ ਦੋਸ਼ ਲਾਏ।
ਗ੍ਰਹਿ ਮੰਤਰੀ ਨੇ ਦਾਅਵਾ ਕੀਤਾ ਕਿ ਪਹਿਲੇ ਪੜਾਅ ‘ਚ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਹਨ ਅਤੇ ਆਉਣ ਵਾਲੇ ਸਮੇਂ ‘ਚ ‘ਅੰਗ, ਬੰਗ ਅਤੇ ਕਲਿੰਗ’ ਇਲਾਕੇ ‘ਚ ਭਾਜਪਾ ਦੀਆਂ ਸਰਕਾਰਾਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬੇ ‘ਚ 15 ਸਾਲ ਪੁਰਾਣੀ ਤ੍ਰਿਣਮੂਲ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਬਾਹਰ ਕੀਤਾ ਜਾਵੇ।
Read More : ਪੰਜਾਬ ਦੇ ਲੋਕ ਪਾਲਾ ਬਦਲਣ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ : ਸੰਜੇ ਸਿੰਘ
