ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਕੇਂਦਰਾਂ ਵਜੋਂ ਵਿਕਸਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ
ਪਟਿਆਲਾ, 25 ਅਪ੍ਰੈਲ : ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੇ ਸੁਧਾਰ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਤਰੀ ਨੇ “ਉਜਾਲਾ ਨਰਸਰੀ” ਅਤੇ ਇੱਕ ਨਵੀਂ ਜੇਲ੍ਹ ਲਾਇਬ੍ਰੇਰੀ ਦਾ ਰਸਮੀ ਉਦਘਾਟਨ ਕੀਤਾ।
ਉਦਘਾਟਨੀ ਸਮਾਰੋਹ ਦੌਰਾਨ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਉਜਾਲਾ ਨਰਸਰੀ’ ਦਾ ਮੁੱਖ ਉਦੇਸ਼ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਵਿੱਚ ਰੁੱਝੇ ਰੱਖਣਾ ਹੈ। ਇਸ ਦੇ ਨਾਲ ਹੀ ਨਵੀਂ ਲਾਇਬ੍ਰੇਰੀ ਕੈਦੀਆਂ ਲਈ ਸਿੱਖਿਆ ਅਤੇ ਗਿਆਨ ਦੇ ਨਵੇਂ ਰਾਹ ਖੋਲ੍ਹੇਗੀ, ਤਾਂ ਜੋ ਉਹ ਆਪਣਾ ਸਮਾਂ ਉਸਾਰੂ ਕੰਮਾਂ ਵਿੱਚ ਲਗਾ ਕੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆ ਸਕਣ।
ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਜੇਲ੍ਹਾਂ ਨੂੰ ਮਹਿਜ਼ ਸਜ਼ਾ ਕੇਂਦਰ ਨਹੀਂ, ਸਗੋਂ ‘ਸੁਧਾਰ ਅਤੇ ਪੁਨਰਵਾਸ ਕੇਂਦਰਾਂ’ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਆਪਣੇ ਦੌਰੇ ਦੌਰਾਨ ਡਾ. ਰਵਜੋਤ ਸਿੰਘ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਕਾਮਨ ਮੈਨ ਕਲੀਨਿਕ ਸਮੇਤ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕੈਦੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਪੂਰੀ ਤਰ੍ਹਾਂ ਸੰਜੀਦਾ ਹੈ।
ਮੰਤਰੀ ਨੇ ਜੇਲ੍ਹ ਵਿਭਾਗ ਵੱਲੋਂ ਚਲਾਏ ਜਾ ਰਹੇ ਪੈਟਰੋਲ ਪੰਪ ਦੇ ਪ੍ਰਾਜੈਕਟ ਦੀ ਵੀ ਤਾਰੀਫ ਕੀਤੀ, ਜੋ ਕੈਦੀਆਂ ਨੂੰ ਹੁਨਰ ਸਿਖਾਉਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਜੇਲ੍ਹ ਅੰਦਰ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਭਲਾਈ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
Read More : ਗੈਂਗਸਟਰ ਵੈੱਬ ਸੀਰੀਜ਼ ਦਾ ਵਿਰੋਧ ਕਰਨ ‘ਤੇ ਪੰਜਾਬ ਦੇ ਦਿੱਗਜ ਆਗੂਆਂ ਨੂੰ ਮਿਲੀਆਂ ਧਮਕੀਆਂ
