ਕਾਰ ਛੱਡਣ ਬਦਲੇ ਮੰਗੀ ਸੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਦਬੋਚਿਆ
ਫਰੀਦਕੋਟ, 25 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਜੈਤੋ (ਜ਼ਿਲਾ ਫਰੀਦਕੋਟ) ਵਿਖੇ ਤਾਇਨਾਤ ਹੈੱਡ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜੈਤੋ ਤਹਿਸੀਲ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਕਿਸੇ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਕਤ ਹੈੱਡ ਕਾਂਸਟੇਬਲ ਉਸ ਨੂੰ ਅਤੇ ਉਸ ਦੀ ਆਲਟੋ ਕਾਰ ਨੂੰ ਥਾਣੇ ਲੈ ਆਇਆ ਸੀ। ਹਾਲਾਂਕਿ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਸੀ, ਪਰ ਮੁਲਜ਼ਮ ਮੁਲਾਜ਼ਮ ਨੇ ਸ਼ਿਕਾਇਤਕਰਤਾ ਦੀ ਕਾਰ ਥਾਣੇ ਵਿੱਚ ਹੀ ਰੱਖ ਲਈ। ਦੋਸ਼ ਹੈ ਕਿ ਹੈੱਡ ਕਾਂਸਟੇਬਲ ਨੇ ਕਾਰ ਛੱਡਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਨੂੰ ਆਪਣੇ ਫ਼ੋਨ ਵਿੱਚ ਰਿਕਾਰਡ ਕਰ ਲਿਆ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਅਤੇ ਰਿਕਾਰਡਿੰਗ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਦਿਆਂ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੈੱਡ ਕਾਂਸਟੇਬਲ ਵਿਕਰਮ ਸ਼ਰਮਾ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More : ਹਾਕੀ ਜਗਤ ਨੂੰ ਵੱਡਾ ਘਾਟਾ: ਓਲੰਪੀਅਨ ਗੁਰਬਖਸ਼ ਸਿੰਘ ਗਰੇਵਾਲ ਨਹੀਂ ਰਹੇ
