ਪਰਿਵਾਰ ਦੀ ਜਾਨ ਨੂੰ ਹਮਲਾਵਰਾਂ ਤੋਂ ਖ਼ਤਰਾ, ਤੁਰੰਤ ਗ੍ਰਿਫ਼ਤਾਰੀ ਦੀ ਮੰਗ: ਕੁਲਬੀਰ ਸਿੰਘ
ਪਟਿਆਲਾ, 25 ਅਪ੍ਰੈਲ : ਪਟਿਆਲਾ ਦੀ ਨਿਊ ਯਾਦਵਿੰਦਰ ਕਾਲੋਨੀ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਤਕਰਾਰਬਾਜ਼ੀ ਖ਼ੂਨੀ ਸੰਘਰਸ਼ ਵਿੱਚ ਬਦਲ ਗਈ। ਮੀਟਿੰਗ ਦੌਰਾਨ ਸ਼ੁਰੂ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਚਾਕੂ ਚੱਲਣ ਕਾਰਨ ਮਨਪ੍ਰੀਤ ਸਿੰਘ ਪੁੱਤਰ ਕੁਲਬੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ ਅਤੇ ਜ਼ਿੰਦਗੀ-ਮੌਤ ਦੀ ਜੰਗ ਲੜ ਰਿਹਾ ਹੈ।
ਇਸ ਮਾਮਲੇ ਵਿੱਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਕੁਲਬੀਰ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਰਣਜੀਤ ਸਿੰਘ, ਵਿਕਰਮ ਸਿੰਘ, ਅਮਰਜੀਤ ਸਿੰਘ, ਸਾਬਕਾ ਪ੍ਰਧਾਨ ਜੱਗੀ ਸਿੰਘ, ਉਸ ਦੇ ਸਾਲੇ ਪੀਟਰ ਅਤੇ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਕੁਲਬੀਰ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਮੌਜੂਦਾ ਪ੍ਰਧਾਨ ਅਮਰਜੀਤ ਸਿੰਘ ਨਾਲ ਬਹਿਸ ਹੋਈ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸੇ ਦੌਰਾਨ ਮੁਲਜ਼ਮ ਵਿਕਰਮ ਸਿੰਘ ਨੇ ਚਾਕੂ ਨਾਲ ਮਨਪ੍ਰੀਤ ਸਿੰਘ ’ਤੇ ਕਈ ਵਾਰ ਕੀਤੇ। ਕੁਲਬੀਰ ਸਿੰਘ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।
Read More : ਨਹਿਰ ’ਚ ਨਹਾਉਂਦੇ ਸਮੇਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
