ਤਰਨਤਾਰਨ ਪੁਲਸ

25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ

ਪਾਕਿਸਤਾਨੀ ਸਮੱਗਲਰਾਂ ਨਾਲ ਸਨ ਸਬੰਧ, ਡਰੋਨ ਰਾਹੀਂ ਮੰਗਵਾਈ ਸੀ ਖੇਪ: ਐੱਸ.ਐੱਸ.ਪੀ. ਸੁਰਿੰਦਰ ਲਾਂਬਾ

ਤਰਨਤਾਰਨ, 25 ਅਪ੍ਰੈਲ : ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਸਮੱਗਲਿੰਗ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਸਮੱਗਲਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ 5 ਕਿੱਲੋ 101 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ‘ਤੇ ਪਿੰਡ ਗੱਗੋਬੂਹਾ ਇਲਾਕੇ ਵਿੱਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਐਕਟਿਵਾ ਸਵਾਰ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਹਾਦਰ ਸਿੰਘ ਵਾਸੀ ਪਿੰਡ ਬਿਧੀ ਚੰਦ ਛੀਨਾ ਵਜੋਂ ਹੋਈ ਹੈ।

ਪ੍ਰਾਇਮਰੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਲੰਬੇ ਸਮੇਂ ਤੋਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੇ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਸੀ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਉਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਲੋਕਾਂ ਨੂੰ ਵੀ ਫੜਿਆ ਜਾ ਸਕੇ।

Read More : ਦੋਰਾਹਾ ਨੇੜੇ ਸਟੀਲ ਫੈਕਟਰੀ ’ਚ ਧਮਾਕਾ, 7 ਮਹਿਲਾ ਮਜ਼ਦੂਰ ਗੰਭੀਰ ’ਚ ਝੁਲਸੀਆਂ

Leave a Reply

Your email address will not be published. Required fields are marked *