‘ਪੰਜਾਬ ਦੇ ਗੱਦਾਰ’: ਦਲਬਦਲੂ ਸੰਸਦ ਮੈਂਬਰਾਂ ਖਿਲਾਫ ਸੜਕਾਂ ‘ਤੇ ਉਤਰੀ ਜਨਤਾ

ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਬਾਹਰ ‘ਆਪ’ ਵਰਕਰਾਂ ਦਾ ਪ੍ਰਦਰਸ਼ਨ; ਪੁਤਲੇ ਫੂਕੇ

ਜਲੰਧਰ, 26 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਰੀ ਹਲਚਲ ਮਚ ਗਈ ਹੈ। ਇਸ ਫੈਸਲੇ ਤੋਂ ਨਾਰਾਜ਼ ‘ਆਪ’ ਵਰਕਰਾਂ ਅਤੇ ਸਮਰਥਕਾਂ ਨੇ ਸੂਬੇ ਭਰ ਵਿੱਚ ਤਿੱਖਾ ਪ੍ਰਦਰਸ਼ਨ ਕੀਤਾ ਹੈ।

ਪਿਛਲੇ ਦਿਨੀਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮਜੀਤ ਸਿੰਘ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਇਸ ਨੂੰ ‘ਆਪ’ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਰਟੀ ਵਰਕਰਾਂ ਦਾ ਗੁੱਸਾ ਸਾਹਮਣੇ ਆਇਆ ਹੈ। ਲੁਧਿਆਣਾ ਅਤੇ ਜਲੰਧਰ ਸਮੇਤ ਕਈ ਥਾਵਾਂ ‘ਤੇ ਵਰਕਰਾਂ ਨੇ ਰਾਜ ਸਭਾ ਮੈਂਬਰਾਂ ਦੀਆਂ ਰਿਹਾਇਸ਼ਾਂ ਬਾਹਰ ਇਕੱਠੇ ਹੋ ਕੇ ਪ੍ਰਦਰਸ਼ਨ ਕੀਤੇ। ਵਰਕਰਾਂ ਨੇ ਕੰਧਾਂ ‘ਤੇ ‘ਗੱਦਾਰ’ ਲਿਖਿਆ ਅਤੇ ਪੁਤਲੇ ਫੂਕ ਕੇ ਆਪਣਾ ਵਿਰੋਧ ਪ੍ਰਗਟਾਇਆ।

ਪਾਰਟੀ ਆਗੂਆਂ ਨੇ ਇਸ ਕਦਮ ਨੂੰ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ‘ਆਪ’ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਜਪਾ ਹਤਾਸ਼ ਹੋ ਕੇ ਅਜਿਹੀਆਂ ਚਾਲਾਂ ਚੱਲ ਰਹੀ ਹੈ, ਪਰ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਦਾ ਮੂੰਹਤੋੜ ਜਵਾਬ ਦੇਣਗੇ। ਯੂਥ ਵਿੰਗ ਦੇ ਆਗੂ ਪਰਮਿੰਦਰ ਗੋਲਡੀ ਨੇ ਵੀ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੀ ਕੰਮ ਦੀ ਰਾਜਨੀਤੀ ਤੋਂ ਘਬਰਾਈ ਹੋਈ ਹੈ, ਜਿਸ ਕਾਰਨ ਉਹ ਪਾਰਟੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

‘ਆਪ’ ਲੀਡਰਸ਼ਿਪ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਨ੍ਹਾਂ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕਰਨਗੇ। ਇਸ ਦੌਰਾਨ, ਦਲਬਦਲੂ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਕ ਤਬਦੀਲੀ ਤੋਂ ਨਾਰਾਜ਼ ਹੋ ਕੇ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ।

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਹ ਘਟਨਾਕ੍ਰਮ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡੇ ਬਦਲਾਅ ਲਿਆ ਸਕਦਾ ਹੈ।

Read More : ਹੜ੍ਹ ਰੋਕਥਾਮ ਲਈ ਮੁੱਖ ਮੰਤਰੀ ਮਾਨ ਦੇ ਸਖ਼ਤ ਹੁਕਮ; ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੀ ਚਿਤਾਵਨੀ

Leave a Reply

Your email address will not be published. Required fields are marked *