ਸੰਜੀਵ ਅਰੋੜਾ

ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਦੇ ਹੁਕਮ; ਸੰਜੀਵ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸ਼ਹਿਰਾਂ ‘ਚ ਪਾਣੀ ਭਰਨ ਅਤੇ ਬਿਮਾਰੀਆਂ ਦੇ ਖ਼ਤਰੇ ਨੂੰ ਰੋਕਣ ਲਈ ਸਮੇਂ ਸਿਰ ਗਾਰ ਕੱਢਣ ‘ਤੇ ਜ਼ੋਰ

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਪ੍ਰਣਾਲੀ ਦੀ ਮੁਕੰਮਲ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰਨ ਅਤੇ ਸੀਵਰ ਓਵਰਫਲੋਅ ਦੀ ਸਮੱਸਿਆ ਤੋਂ ਬਚਣ ਲਈ ਇਹ ਕਾਰਵਾਈ ਬਹੁਤ ਜ਼ਰੂਰੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਸੀਵਰਾਂ ਵਿੱਚੋਂ ਗਾਰ ਨਹੀਂ ਕੱਢੀ ਜਾਂਦੀ ਤਾਂ ਭਾਰੀ ਮੀਂਹ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਫ਼ਾਈ ਹੋਣ ਨਾਲ ਨਾ ਸਿਰਫ਼ ਪਾਣੀ ਦਾ ਨਿਕਾਸ ਸੁਚਾਰੂ ਹੁੰਦਾ ਹੈ, ਸਗੋਂ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਘਟਦਾ ਹੈ।

ਸੰਜੀਵ ਅਰੋੜਾ ਨੇ ਸਪੱਸ਼ਟ ਕੀਤਾ ਕਿ ਸੀਵਰ ਦੀ ਸਫ਼ਾਈ ਦੇ ਠੇਕੇ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਇਹ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਨੀਵੇਂ ਇਲਾਕਿਆਂ ਅਤੇ ਪਾਣੀ ਭਰਨ ਵਾਲੀਆਂ ਸੰਵੇਦਨਸ਼ੀਲ ਥਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਹੀ ਸਫ਼ਾਈ ਹੋਣ ਨਾਲ ਖੜ੍ਹੇ ਪਾਣੀ ਕਾਰਨ ਸੜਕਾਂ ਅਤੇ ਜਨਤਕ ਜਾਇਦਾਦ ਨੂੰ ਹੋਣ ਵਾਲੇ ਨੁਕਸਾਨ ਨੂੰ ਵੀ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਕੀਤੇ ਗਏ ਕੰਮਾਂ ਦੀ ਵਿਸਤ੍ਰਿਤ ਰਿਪੋਰਟ ਤੁਰੰਤ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ।

Read More : ਟੈਕਸ ਚੋਰੀ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ; ਲੋਹਾ ਤੇ ਸਟੀਲ ਸੈਕਟਰ ਦੇ 200 ਵਾਹਨ ਕਬਜ਼ੇ ‘ਚ

Leave a Reply

Your email address will not be published. Required fields are marked *