ਮੁਲਜ਼ਮਾਂ ਕੋਲੋਂ 7 ਆਧੁਨਿਕ ਪਿਸਤੌਲ ਬਰਾਮਦ; ਪਾਕਿਸਤਾਨੀ ਤਸਕਰਾਂ ਨਾਲ ਸਨ ਸਬੰਧ
ਅੰਮ੍ਰਿਤਸਰ, 3 ਮਈ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ’ਚ ਦੋ ਆਸਟ੍ਰੀਅਨ ਗਲੌਕ (9mm) ਅਤੇ ਪੰਜ .30 ਬੋਰ ਦੇ ਵਿਦੇਸ਼ੀ ਪਿਸਤੌਲ ਸ਼ਾਮਲ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ’ਚ ਸਨ। ਇਹ ਨੈੱਟਵਰਕ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਮੰਗਵਾ ਕੇ ਪੰਜਾਬ ’ਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦਾ ਸੀ। ਪੁਲਿਸ ਅਨੁਸਾਰ ਇਸ ਮਾਮਲੇ ’ਚ ਥਾਣਾ ਛਾਉਣੀ ਵਿਖੇ ਅਸਲਾ ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਅੱਗੇ-ਪਿੱਛੇ ਸਬੰਧਾਂ ਨੂੰ ਬੇਨਕਾਬ ਕਰਨ ਲਈ ਜਾਂਚ ਜਾਰੀ ਹੈ।
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਪੁਲਿਸ ਦੀ ‘ਜ਼ੀਰੋ ਟੌਲਰੈਂਸ’ ਨੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਅਜਿਹੇ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਜਾਰੀ ਰਹੇਗੀ ਤਾਂ ਜੋ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਰੱਖਿਆ ਜਾ ਸਕੇ।
Read More : ਪੰਜਾਬੀ ਨੌਜਵਾਨ ਜਸ਼ਨਦੀਪ ਲੱਧੜ ਇਟਲੀ ਦੀ ਜਲ ਸੈਨਾ ’ਚ ਭਰਤੀ
