ਬਠਿੰਡਾ-ਕੇਂਦਰੀ ਜੇਲ ਬਠਿੰਡਾ ’ਚ ਬੰਦ ਗੈਂਗਸਟਰਾਂ ਦੇ ਦੋ ਧੜਿਆਂ ’ਚ ਵੀਰਵਾਰ ਦੁਪਹਿਰ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਝਗੜਾ ਹੋ ਗਿਆ। ਇਕ ਹੀ ਬੈਰਕ ਵਿਚ ਬੰਦ ਦੋ ਧਿਰਾਂ ਵਿਚਾਲੇ ਲੜਾਈ ਇੰਨੀ ਵਧ ਗਈ ਕਿ ਉਨ੍ਹਾਂ ਨੇ ਇਕ-ਦੂਜੇ ਦੇ ਲੋਕਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ।
ਲੜਾਈ ਦੀ ਸੂਚਨਾ ਮਿਲਦੇ ਹੀ ਜੇਲ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਵੱਖ-ਵੱਖ ਕਰਵਾਇਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਜੇਲ ਹਸਪਤਾਲ ਭੇਜ ਦਿੱਤਾ ਗਿਆ।
ਮਾਮਲੇ ਦੀ ਪੁਸ਼ਟੀ ਕਰਦਿਆਂ ਜੇਲ ਸੁਪਰਡੈਂਟ ਨੇ ਦੱਸਿਆ ਕਿ ਵੀਰਵਾਰ ਨੂੰ ਕੁਝ ਕੈਦੀਆਂ ਦੀ ਆਪਸ ਵਿਚ ਲੜਾਈ ਹੋਈ ਸੀ। ਲੜਾਈ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਮਾਮਲੇ ਦੀ ਸੂਚਨਾ ਸਬੰਧਤ ਥਾਣੇ ਦੀ ਪੁਲਸ ਨੂੰ ਭੇਜ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਦੁਪਹਿਰ 2 ਵਜੇ ਦੇ ਕਰੀਬ ਜੇਲ ’ਚ ਬੰਦ ਨੀਰਜ ਪਾਂਡੇ ਪੁੱਤਰ ਉਦੈ ਪਾਂਡੇ, ਲਖਵੀਰ ਸਿੰਘ ਪੁੱਤਰ ਸਤਨਾਮ ਸਿੰਘ, ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਕੁਲਦੀਪ ਸਿੰਘ, ਰਣਜੋਧ ਸਿੰਘ ਉਰਫ ਰਣਜੀਤ ਜੋਧਾ, ਭੋਲਾ ਪੁੱਤਰ ਕੁਲਵੰਤ ਸਿੰਘ, ਰਣਜੀਤ ਸਿੰਘ ਪੁੱਤਰ ਗੁਰਜੰਟ ਸਿੰਘ, ਜਗਸੀਰ ਸਿੰਘ ਪੁੱਤਰ ਭੋਲਾ ਸਿੰਘ, ਸੁਖਦੀਪ ਸਿੰਘ ਪੁੱਤਰ ਬੀਰਬਲ ਸਿੰਘ, ਪ੍ਰਗਟ ਸਿੰਘ ਪੁੱਤਰ ਬਲਜਿੰਦਰ ਸਿੰਘ, ਸੇਵਕ ਸਿੰਘ ਪੁੱਤਰ ਬਾਬੂ ਸਿੰਘ, ਰਾਜਵਿੰਦਰ ਸਿੰਘ ਪੁੱਤਰ ਹਰਜੀਵਨ ਸਿੰਘ, ਗੁਰਜੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਬਿੰਦਰ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਲੜਾਈ ਹੋ ਗਈ।
ਇਸ ਦੌਰਾਨ ਦੋਵਾਂ ਧਿਰਾਂ ਦੇ ਲੋਕਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ। ਹਮਲੇ ’ਚ ਸੁਖਦੀਪ ਸਿੰਘ, ਪ੍ਰਗਟ ਸਿੰਘ, ਸੇਵਕ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਗੰਭੀਰ ਜ਼ਖਮੀ ਹੋ ਗਏ।
ਸੂਚਨਾ ਮਿਲਣ ਤੋਂ ਬਾਅਦ ਜੇਲ ਪ੍ਰਸ਼ਾਸਨ ਵੱਲੋਂ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਜੇਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਜੇਲ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਕਰ ਦਿੱਤਾ ਗਿਆ ਹੈ, ਜਦਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
30 btdh15
ਕੇਂਦਰੀ ਜੇਲ ਬਠਿੰਡਾ ਦਾ ਬਾਹਰੀ ਦ੍ਰਿਸ਼।
