14 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ ਅਤੇ ਹੈਬੋਵਾਲ ਵਿਖੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਪਲਾਂਟ ਦੀ ਉਸਾਰੀ ਦਾ ਉਦਘਾਟਨ ਕੀਤਾ। ਲਗਭਗ 65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰੋਜੈਕਟ ਨੂੰ ਸਤੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਹੈ।
ਸਰਕਾਰ ਅਨੁਸਾਰ ਇਸ ਪਲਾਂਟ ਨਾਲ ਇਲਾਕੇ ਦੇ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਇਹ ਪਲਾਂਟ ਰੋਜ਼ਾਨਾ 5 ਟਨ ਬਾਇਓਗੈਸ ਪੈਦਾ ਕਰੇਗਾ। ਮੁੱਖ ਮੰਤਰੀ ਨੇ ਰੁਜ਼ਗਾਰ ਦੇ ਮੁੱਦੇ ‘ਤੇ ਸਰਕਾਰ ਦੀਆਂ ਨੀਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਸਿਰਫ਼ ਲੋਕਾਂ ਨੂੰ ਰਜਿਸਟਰ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਵੀ ਹੈ।
ਮਾਨ ਨੇ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਨੌਕਰੀ ਸਬੰਧੀ ਜਾਣਕਾਰੀ ਉਨ੍ਹਾਂ ਦੇ ਘਰ ਜਾ ਕੇ ਪੱਤਰਾਂ ਰਾਹੀਂ ਅਤੇ ਮੋਬਾਈਲਾਂ ’ਤੇ ਸੰਦੇਸ਼ਾਂ ਰਾਹੀਂ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਸਰਕਾਰ ਵੱਲੋਂ ਢਾਈ ਏਕੜ ਦੇ ਕਰੀਬ ਜ਼ਮੀਨ ਉਪਲਬਧ ਕਰਵਾਈ ਗਈ ਹੈ। ਪਲਾਂਟ ਵਿੱਚ ਰੋਜ਼ਾਨਾ ਲਗਭਗ 300 ਟਨ ਗੋਬਰ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਸੀ.ਐਮ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕਾਫੀ ਸਮੇਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਪਲਾਂਟ ਦਾ ਉਦੇਸ਼ ਗਾਂ ਦੇ ਗੋਬਰ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਦੇ ਨਾਲ-ਨਾਲ ਇਸ ਤੋਂ ਉਪਯੋਗੀ ਊਰਜਾ ਪੈਦਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਂਦਾ ਹੈ ਤਾਂ ਇਹ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਵਿੱਚ ਨਹੀਂ ਜਾਵੇਗਾ। ਇਸ ਨਾਲ STP ‘ਤੇ ਦਬਾਅ ਵੀ ਘੱਟ ਹੋਵੇਗਾ।
Read More: ਹਰਭਜਨ ਸਿੰਘ ਨੇ ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ
