ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ: ਡਾ. ਬਲਜੀਤ ਕੌਰ

ਚੰਡੀਗੜ੍ਹ 28 ਸਤੰਬਰ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।

ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ।

Read More: ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਮੰਗਲਵਾਰ ਨੂੰ ਮੋਹਾਲੀ ਪਹੁੰਚੀ

Leave a Reply

Your email address will not be published. Required fields are marked *