ਪੁਲਿਸ ਵਿਭਾਗ ਨੂੰ ਛੇਤੀ ਹੀ 450 ਏ.ਐਸ.ਆਈ. ਅਤੇ 3400 ਜਵਾਨ ਮਿਲਣਗੇ: CM ਮਾਨ

ਚੰਡੀਗੜ੍ਹ 4 ਅਕਤੂਬਰ 2026: ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ।
ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ।

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ ‘ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ।

ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਡੀ.ਜੀ.ਪੀ. ਤੋਂ ਲੈ ਕੇ ਐਸ.ਐਚ.ਓ. ਤੱਕ ਦੇ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਪੱਖਪਾਤ ਦੇ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ।

ਆਓ ਸੰਕਲਪ ਲਈਏ ਕਿ ਜਦੋਂ ਤੱਕ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਨਹੀਂ ਪੁੱਟ ਦਿੱਤਾ ਜਾਂਦਾ, ਅਸੀਂ ਨਾ ਰੁਕਾਂਗੇ ਅਤੇ ਨਾ ਹੀ ਝੁਕਾਂਗੇ। ਅਸੀਂ ਕਿਸੇ ਵੀ ਮਾਂ ਜਾਂ ਭੈਣ ਦੀ ਅੱਖ ਵਿੱਚ ਅੱਥਰੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ ਮੁਕਤ ‘ਰੰਗਲਾ ਪੰਜਾਬ’ ਬਣਾਵਾਂਗੇ।

ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਰਾਹੀਂ ਮੈਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨਾਲ ਮਿਲ ਕੇ ਤੁਹਾਡੇ ਕੰਮਕਾਜ ਦੇ ਹਾਲਾਤਾਂ ਨੂੰ ਸਮਝਣ, ਤੁਹਾਡੀਆਂ ਸਮੱਸਿਆਵਾਂ ਸੁਣਨ ਅਤੇ ਤੁਹਾਡੀ ਭਲਾਈ ਲਈ ਕਦਮ ਚੁੱਕਣ ਵਾਸਤੇ ਐਸ.ਐਚ.ਓਜ਼ ਨਾਲ ਸਿੱਧਾ ਰਾਬਤਾ ਕਾਇਮ ਕਰ ਰਿਹਾ ਹਾਂ।

ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਐਸ.ਐਚ.ਓਜ਼ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿਉਂਕਿ ਜ਼ਮੀਨੀ ਪੱਧਰ ‘ਤੇ ਤੁਸੀਂ ਹੀ ਪੁਲਿਸ ਦਾ ਚਿਹਰਾ ਹੋ। ਲੋਕ ਆਪਣੀਆਂ ਫਰਿਆਦਾਂ ਲੈ ਕੇ ਤੁਹਾਡੇ ਕੋਲ ਆਉਂਦੇ ਹਨ ਅਤੇ ਇਨਸਾਫ਼, ਸੁਰੱਖਿਆ ਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਪੁਲਿਸ ਜਵਾਨਾਂ ਦੇ ਦਬਾਅ ਅਤੇ ਚੁਣੌਤੀਆਂ ਨੂੰ ਸਮਝਦੀ ਹੈ ਅਤੇ ਤੁਹਾਡੀਆਂ ਵਾਜਬ ਚਿੰਤਾਵਾਂ ਪ੍ਰਤੀ ਹਮਦਰਦੀ ਭਰਿਆ ਰਵੱਈਆ ਅਪਣਾ ਰਹੀ ਹੈ। ਪਰ ਸਹਿਯੋਗ ਦੇ ਨਾਲ-ਨਾਲ, ਪੰਜਾਬ ਦੇ ਲੋਕ ਹਰ ਪੁਲਿਸ ਅਧਿਕਾਰੀ ਤੋਂ ਪੇਸ਼ੇਵਰ ਪਹੁੰਚ, ਇਮਾਨਦਾਰੀ ਅਤੇ ਜਵਾਬਦੇਹੀ ਦੀ ਉਮੀਦ ਵੀ ਰੱਖਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ। ਪਰ ਇੱਕ ਵਾਰ ਜਦੋਂ ਜਾਣਕਾਰੀ ਤੁਹਾਡੇ ਤੱਕ ਪਹੁੰਚ ਜਾਂਦੀ ਹੈ ਤਾਂ ਤੁਰੰਤ ਅਤੇ ਅਸਰਦਾਰ ਕਾਰਵਾਈ ਕਰਨਾ ਤੁਹਾਡੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਨੇ ਐਸ.ਐਚ.ਓਜ਼ ਨੂੰ ਪ੍ਰੇਰਿਤ ਕਰਦਿਆਂ ਕਿਹਾ, “ਹਰ ਸ਼ਿਕਾਇਤ ਅਤੇ ਕਾਰਵਾਈ ਨੂੰ ਪੂਰੀ ਜਾਣਕਾਰੀ ਨਾਲ ਗੰਭੀਰਤਾ, ਪੇਸ਼ੇਵਰਤਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਨਜਿੱਠਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਬਚਾਉਣ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਦੱਸਿਆ, “ਅਸੀਂ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ., ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾ ਰਹੇ ਹਾਂ। ਆਧੁਨਿਕ ਪੁਲਿਸਿੰਗ ਬਹੁਤ ਜ਼ਰੂਰੀ ਹੈ ਕਿਉਂਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਨੈੱਟਵਰਕ ਦਿਨ-ਬ-ਦਿਨ ਵਧੇਰੇ ਸਮਾਰਟ ਤੇ ਆਧੁਨਿਕ ਹੁੰਦੇ ਜਾ ਰਹੇ ਹਨ।

ਤਕਨਾਲੋਜੀ-ਆਧਾਰਿਤ ਪੁਲਿਸਿੰਗ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ, “ਪੰਜਾਬ ਤਕਨਾਲੋਜੀ-ਆਧਾਰਿਤ ਪੁਲਿਸਿੰਗ ਵੱਲ ਵਧ ਰਿਹਾ ਹੈ, ਜਿਸ ਵਿੱਚ ਏ.ਆਈ. ਅਧਾਰਿਤ ਨਿਗਰਾਨੀ ਪ੍ਰਣਾਲੀ ਦੀ ਵਰਤੋਂ ਵੀ ਸ਼ਾਮਲ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਜਦੋਂ ਮੈਂ ਐਮ.ਪੀ. ਵਜੋਂ ਸੇਵਾ ਨਿਭਾ ਰਿਹਾ ਸੀ, ਮੈਂ ਧੂਰੀ, ਸੁਨਾਮ, ਮਲੇਰਕੋਟਲਾ, ਭਦੌੜ, ਮਹਿਲ ਕਲਾਂ, ਬਰਨਾਲਾ ਅਤੇ ਲਹਿਰਾਗਾਗਾ ਦੇ ਪ੍ਰਮੁੱਖ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਾਉਣ ਦੀ ਪਹਿਲਕਦਮੀ ਕੀਤੀ ਸੀ ਤਾਂ ਜੋ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੇਰੇ ਵੱਲੋਂ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵੀ ਇਹ ਤਕਨਾਲੋਜੀ-ਆਧਾਰਿਤ ਪਹਿਲਕਦਮੀਆਂ ਜਾਰੀ ਰਹੀਆਂ। ਪੁਲਿਸਿੰਗ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਤਕਨਾਲੋਜੀ ਹੁਣ ਸਾਡੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵਿਆਪਕ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ, “ਸੜਕ ਸੁਰੱਖਿਆ ਫੋਰਸ ਵਿਸ਼ੇਸ਼ ਅਤੇ ਤਕਨਾਲੋਜੀ ਨਾਲ ਲੈਸ ਪੁਲਿਸਿੰਗ ਦੀ ਵੱਡੀ ਉਦਾਹਰਨ ਹੈ। ਇਹ ਸੜਕੀ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਅਤੇ ਫਰਵਰੀ, 2024 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਨੇ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਪੁਲਿਸ ਨਾ ਸਿਰਫ਼ ਅਪਰਾਧ ਨਾਲ ਲੜ ਰਹੀ ਹੈ ਸਗੋਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੇ ਨਾਲ ਹੀ ਸਾਡੀ ਪੁਲਿਸ ਫੋਰਸ ਕੌਮੀ ਸੁਰੱਖਿਆ ਲਈ ਵੀ ਅੱਗੇ ਹੋ ਕੇ ਢਾਲ ਵਜੋਂ ਸੇਵਾ ਨਿਭਾ ਰਹੀ ਹੈ।

ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਤੁਹਾਨੂੰ ਵਿਦਿਅਕ ਅਦਾਰਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਭਿਆਨਕ ਸਿੱਟਿਆਂ ਤੋਂ ਬਚਾਇਆ ਜਾ ਸਕੇ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਨਾਲ ਖ਼ਤਮ ਨਹੀਂ ਹੁੰਦੀ, ਸਾਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀ ਨੂੰ ਵੀ ਬਚਾਉਣਾ ਪਵੇਗਾ।

Read More: CM ਮਾਨ ਨੇ ਫ਼ਤਹਿਗੜ੍ਹ ਚੂੜੀਆਂ ਹਲਕੇ ‘ਚ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

Leave a Reply

Your email address will not be published. Required fields are marked *