ਨਵੀਂ ਦਿੱਲੀ 16 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਚੌਲਾਂ ਦਾ ਯੋਗਦਾਨ ਪਾਏਗਾ।
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰਾਂ ਵਿੱਚ ਸੂਬੇ ਦੇ ਇਸ ਯੋਗਦਾਨ ਨੂੰ ਨਿਰੰਤਰ ਜਾਰੀ ਰੱਖਣ ਲਈ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ ‘ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ।
ਇਸ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੌਰਾਨ ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਸਬੰਧਤ ਮੁੱਦਿਆਂ ‘ਤੇ ਸਾਰਥਕ ਚਰਚਾ ਹੋਈ। ਅਸੀਂ ਕੇਂਦਰ ਨੂੰ ਜਾਣੂ ਕਰਵਾਇਆ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਚੌਲ ਦਾ ਯੋਗਦਾਨ ਪਾਉਂਦਾ ਹੈ ਅਤੇ ਇਸ ਯੋਗਦਾਨ ਨੂੰ ਕਾਇਮ ਰੱਖਣ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਮੈਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਹਨ ਅਤੇ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਅਸੀਂ ਵੀ ਆਪਣੀ ਵਚਨਬੱਧਤਾ ਦੁਹਰਾਈ ਹੈ ਕਿ ਪੰਜਾਬ, ਦੇਸ਼ ਦੇ ਅੰਨ ਭੰਡਾਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਜਾਰੀ ਰੱਖੇਗਾ। ਇਨਕਲਾਬ ਜ਼ਿੰਦਾਬਾਦ।”
ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੀਟਿੰਗ ਦੌਰਾਨ ਪੀਐੱਸਪੀਸੀਐੱਲ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨਾਲ ਸਬੰਧਤ ਕਈ ਮੁੱਦਿਆਂ, ਖਾਸ ਕਰਕੇ ਕੋਲੇ ਦੀ ਸਪਲਾਈ ਅਤੇ ਬਿਜਲੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਨੂੰ ਕੋਲੇ ਜਾਂ ਬਿਜਲੀ ਦੀ ਕੋਈ ਕਿੱਲਤ ਨਾ ਆਵੇ ਅਤੇ ਬਿਜਲੀ ਉਤਪਾਦਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਪੰਜਾਬ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲ ਸਪਲਾਈ ਕਰਦਾ ਹੈ ਅਤੇ ਇੰਨੀ ਵੱਡੀ ਮਾਤਰਾ ਵਿੱਚ ਅਨਾਜ ਪੈਦਾ ਕਰਨ ਲਈ ਨਿਰਵਿਘਨ ਬਿਜਲੀ ਅਤਿ ਜ਼ਰੂਰੀ ਹੈ।”
ਮੁੱਖ ਮੰਤਰੀ ਨੇ ਕਿਹਾ, “ਅਸੀਂ ਪਛਵਾੜਾ ਕੋਲਾ ਖਾਣਾਂ ਤੋਂ ਕੋਲੇ ਦੀ ਸਪਲਾਈ ਨੂੰ ਲੈ ਕੇ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਬਣਾ ਕੇ ਚੱਲ ਰਹੇ ਹਾਂ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕੋਲੇ ਦੀ ਸਪਲਾਈ ਵਿੱਚ ਕੋਈ ਅੜਚਣ ਨਾ ਆਵੇ ਤਾਂ ਜੋ ਪੰਜਾਬ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਉਤਪਾਦਨ ਜਾਰੀ ਰੱਖ ਸਕੇ। ਮੈਨੂੰ ਤਸੱਲੀ ਹੈ ਕਿ ਕੇਂਦਰੀ ਬਿਜਲੀ ਮੰਤਰੀ ਨੇ ਸਾਨੂੰ ਬਿਜਲੀ ਅਤੇ ਕੋਲੇ ਦੀ ਢੁਕਵੀਂ ਤੇ ਨਿਰੰਤਰ ਸਪਲਾਈ ਦਾ ਭਰੋਸਾ ਦਿਵਾਇਆ ਹੈ। ਅਸੀਂ ਵੀ ਕੇਂਦਰ ਨੂੰ ਭਰੋਸਾ ਦਿੱਤਾ ਹੈ ਕਿ ਦੇਸ਼ ਦੀਆਂ ਅਨਾਜ ਸਬੰਧੀ ਲੋੜਾਂ ਦੀ ਪੂਰਤੀ ਲਈ ਪੰਜਾਬ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ।”
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਮੈਂ ਕੌਮੀ ਪੱਧਰ ‘ਤੇ ਲਾਗੂ ਕੀਤੀਆਂ ਜਾ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਵੱਖ-ਵੱਖ ਮੁੱਦੇ ਵੀ ਉਠਾਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਵਿੱਚ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਇੱਕ ਵਾਰ ਡੈਮ ਬਣ ਜਾਣ ਤੋਂ ਬਾਅਦ ਸੂਬੇ ਨੂੰ ਵਾਤਾਵਰਣ ਸਬੰਧੀ ਅਥਾਰਟੀਆਂ ਜਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਤੋਂ ਵਾਰ-ਵਾਰ ਨੋਟਿਸਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਾਨੂੰ ਚੱਲ ਰਹੇ ਪ੍ਰੋਜੈਕਟ ਸਬੰਧੀ ਲਗਭਗ ਹਰ ਸਾਲ ਇੱਕ ਜਾਂ ਦੋ ਨੋਟਿਸ ਮਿਲਦੇ ਰਹਿੰਦੇ ਹਨ ਜਿਸ ਨਾਲ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਕਰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਪਣ-ਬਿਜਲੀ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਲਗਭਗ 40 ਫ਼ੀਸਦ ਹੈ। ਅਸੀਂ ਕੇਂਦਰੀ ਬਿਜਲੀ ਮੰਤਰੀ ਨਾਲ ਇਨ੍ਹਾਂ ਮੁੱਦਿਆਂ ‘ਤੇ ਚਰਚਾ ਕੀਤੀ ਹੈ ਕਿਉਂਕਿ ਸਾਡੇ ਪਣ-ਬਿਜਲੀ ਪ੍ਰੋਜੈਕਟਾਂ ਦਾ ਸੁਚਾਰੂ ਢੰਗ ਨਾਲ ਚੱਲਣਾ ਅਤੇ ਮੁਕੰਮਲ ਹੋਣਾ ਸੂਬੇ ਦੇ ਨਾਲ-ਨਾਲ ਦੇਸ਼ ਲਈ ਵੀ ਬੇਹੱਦ ਮਹੱਤਵਪੂਰਨ ਹੈ।
Read More: ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ
