ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਅੰਮ੍ਰਿਤਸਰ 16 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪਿਓ-ਪੁੱਤ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਿਦੇਸ਼ ਵਿੱਚ ਬੈਠੇ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਹਨ। ਉਹ ਉਸਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ, ਗੋਲੀ-ਸਿੱਕਾ ਅਤੇ ਵਿਸਫੋਟਕਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਹਨ ਅਤੇ ਆਪਣੇ ਸਾਥੀਆਂ ਵੀਨੂ, ਅੰਮ੍ਰਿਤਪਾਲ ਸਿੰਘ ਅਤੇ ਗੌਰਵ ਮਸੀਹ ਰਾਹੀਂ ਅੱਗੇ ਸਪਲਾਈ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਰਾਹੀਂ ਇਹ ਵੀ ਪਤਾ ਲੱਗਾ ਕਿ ਗੁਰਪ੍ਰੀਤ ਅਤੇ ਜਸਕਰਨ ਆਪਣੇ ਸਾਥੀਆਂ ਵੀਨੂੰ, ਅੰਮ੍ਰਿਤਪਾਲ ਅਤੇ ਗੌਰਵ ਨੂੰ ਅਜਨਾਲਾ ਦੇ ਪਿੰਡ ਤੇਰੀ ਨਜਦੀਕ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪਹੁੰਚਾਉਣ ਲਈ ਮਿਲਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਨਿਰਧਾਰਤ ਸਥਾਨ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਤੇ ਵਿਸਫੋਟਕਾਂ ਦੀ ਖੇਪ ਸਮੇਤ ਮੌਕੇ ‘ਤੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

Read More: ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ

Leave a Reply

Your email address will not be published. Required fields are marked *