ਪਟਿਆਲਾ, 2 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ, ਜਿਹੜੀਆਂ ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਅਤੇ ਆਪਣੇ ਸਾਂਝੇ ਸਿਆਸੀ ਹਿੱਤਾਂ ਦੀ ਰਾਖੀ ਲਈ ਇਕੱਠੀਆਂ ਹੋ ਗਈਆਂ ਹਨ। ਭਵਿੱਖੀ ਸਿਆਸੀ ਮੁਕਾਬਲੇ ਨੂੰ ‘ਇੱਕ ਬਨਾਮ ਸਾਰੇ’ ਦੱਸਦਿਆਂ ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਝੰਡੇ ਅਤੇ ਚੋਣ ਨਿਸ਼ਾਨ ਹੋਣ ਦੇ ਬਾਵਜੂਦ ਇਨ੍ਹਾਂ ਪਾਰਟੀਆਂ ਦਾ ਮਕਸਦ ਇੱਕੋ ਹੀ ਹੈ-ਪੰਜਾਬ ਨੂੰ ਲੁੱਟਣਾ ਅਤੇ ਇੱਥੋਂ ਦੇ ਲੋਕਾਂ ਦਾ ਸ਼ੋਸ਼ਣ ਕਰਨਾ ਹੈ।
ਪਟਿਆਲਾ ਦੇ ਹਲਕਾ ਘਨੌਰ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਇਸ ਗੱਲ ਦੀ ਬੇਚੈਨੀ ਹੈ ਕਿ ਇੱਕ ਆਮ ਘਰ ਦਾ ਪੁੱਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਆਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੱਤੀ ਕਿ ਸਾਲ 2022 ਵਾਂਗ ਹੀ 2027 ਵਿੱਚ ਵੀ ਲੋਕ ਵਿਰੋਧੀ ਧਿਰ ਦੇ ਵੱਡੇ-ਵੱਡੇ ਆਗੂਆਂ ਨੂੰ ਘਰ ਬਿਠਾ ਦੇਣਗੇ।
ਆਪਣੇ ‘ਐਕਸ’ ਹੈਂਡਲ ’ਤੇ ਸਾਂਝੀ ਕੀਤੀ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਪ੍ਰਾਜੈਕਟ ਦਾ ਉਦਘਾਟਨ ਮੌਕੇ ਅੱਜ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੇ ਉਲਟ, ਅਸੀਂ ਕੁਰਸੀਆਂ ਦੀ ਲੜਾਈ ਨਹੀਂ ਲੜ ਰਹੇ। ਸਾਡੀ ਲੜਾਈ ਪੰਜਾਬ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਹੈ। ਆਮ ਪਰਿਵਾਰਾਂ ਦੇ ਬੱਚਿਆਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣਾ ਸਾਡੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ ਹੈ। ਲੋਕਾਂ ਦਾ ਪਿਆਰ ਅਤੇ ਸਾਥ ਸਾਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਤਾਕਤ ਦੇ ਰਿਹਾ ਹੈ।
ਦੋ ਜ਼ਿਲ੍ਹਿਆਂ ਲਈ ਨਹਿਰੀ ਪਾਣੀ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਜੂਦਾ ਸਿਆਸੀ ਹਾਲਾਤਾਂ ਨੂੰ “ਇੱਕ ਬਨਾਮ ਸਾਰੇ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਇੱਕਮੁੱਠ ਹੋ ਗਈਆਂ ਹਨ, ਉੱਥੇ ਹੀ ਉਹ ਪੰਜਾਬ ਦੇ ਲੋਕਾਂ ਦੇ ਪਿਆਰ ਅਤੇ ਅਸੀਸਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, “ਇੱਕ ਪਾਸੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਹਨ, ਜਦਕਿ ਦੂਜੇ ਪਾਸੇ ਮੈਂ ਪੰਜਾਬ ਦੇ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਨਾਲ ਖੜ੍ਹਾ ਹਾਂ। ਇਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ ’ਤੇ ਰਾਜ ਕੀਤਾ ਅਤੇ ਹੁਣ ਇਹ ਇਸ ਲਈ ਔਖੀਆਂ ਹਨ ਕਿਉਂਕਿ ਇੱਕ ਆਮ ਘਰ ਦਾ ਪੁੱਤ ਸਮਾਜ ਦੇ ਹਰੇਕ ਵਰਗ ਦੇ ਭਲੇ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਦੇ ਝੰਡੇ ਅਤੇ ਚੋਣ ਨਿਸ਼ਾਨ ਵੱਖੋ-ਵੱਖਰੇ ਹਨ, ਪਰ ਇਨ੍ਹਾਂ ਦੀਆਂ ਨੀਅਤਾਂ ਇੱਕੋ ਜਿਹੀਆਂ ਹਨ। ਇਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਪੰਜਾਬ ਦੇ ਸਾਧਨ ਹੁਣ ਮੁੱਠੀ ਭਰ ਸਿਆਸੀ ਪਰਿਵਾਰਾਂ ਦੀ ਬਜਾਏ ਆਮ ਪੰਜਾਬੀਆਂ ਦੀ ਭਲਾਈ ਲਈ ਵਰਤੇ ਜਾ ਰਹੇ ਹਨ।”
ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਇੱਕਜੁਟ ਹੋਈਆਂ ਹਨ, ਜਦਕਿ ਉਹ 3.25 ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਦੇ ਭਾਈਵਾਲ ਬਣੇ ਹਨ।
ਰਵਾਇਤੀ ਪਾਰਟੀਆਂ ਉਨ੍ਹਾਂ ਨੂੰ ਇਸ ਲਈ ਨਿਸ਼ਾਨਾ ਬਣਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਸਮਝ ਆ ਚੁੱਕੀ ਹੈ ਕਿ ਲੋਕ ਹੁਣ ਉਨ੍ਹਾਂ ਦੀ ਧੋਖੇ, ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ, “ਅਕਾਲੀ ਲੀਡਰਸ਼ਿਪ ਨੇ ਆਪਣੇ ਸ਼ਾਸਨਕਾਲ ਦੌਰਾਨ ਲਗਭਗ ਹਰੇਕ ਕਾਰੋਬਾਰ ਵਿੱਚ ਆਪਣਾ ਹਿੱਸਾ ਪਾ ਲਿਆ। ਇਹ ਆਗੂ ਹਰ ਕਾਰੋਬਾਰ ਵਿੱਚ ਜ਼ਬਰਦਸਤੀ ਆਪਣਾ ਹਿੱਸਾ ਲੈਂਦੇ ਸਨ, ਜਦਕਿ ਮੈਂ ਆਮ ਲੋਕਾਂ ਦੇ ਸੁੱਖ, ਸੰਘਰਸ਼ ਅਤੇ ਦੁੱਖ ਵੰਡਾਉਣ ਦਾ ਰਾਹ ਚੁਣਿਆ ਹੈ। ਇਨ੍ਹਾਂ ਨੂੰ ਤਕਲੀਫ਼ ਇਸ ਗੱਲ ਦੀ ਹੈ ਕਿ ਸਾਡੀ ਸਰਕਾਰ ਰਸੂਖ਼ਵਾਨ ਪਰਿਵਾਰਾਂ ਦੀ ਥਾਂ ਆਮ ਲੋਕਾਂ ਲਈ ਕੰਮ ਕਰ ਰਹੀ ਹੈ।
ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਵੱਲੋਂ ਮਿਲਦੇ ਨਿੱਘੇ ਪਿਆਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਅਸੀਸਾਂ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਅਤੇ ਪੰਜਾਬ ਦੀ ਸੇਵਾ ਦਾ ਇਨਾਮ ਹਨ। ਉਨ੍ਹਾਂ ਕਿਹਾ, “ਜਦੋਂ ਵੀ ਮੈਂ ਪਿੰਡਾਂ ਵਿੱਚ ਜਾਂਦਾ ਹਾਂ ਤਾਂ ਮੇਰੀ ਪੱਗ ਫੁੱਲਾਂ ਨਾਲ ਭਰ ਜਾਂਦੀ ਹੈ ਕਿਉਂਕਿ ਲੋਕ ਮੇਰੇ ਉੱਤੇ ਆਪਣਾ ਪਿਆਰ, ਆਸ਼ੀਰਵਾਦ ਅਤੇ ਸਨੇਹ ਵਰਸਾਉਂਦੇ ਹਨ। ਮੇਰੀ ਪਿੱਠ ’ਤੇ ਕਿਸੇ ਰਸੂਖ਼ਵਾਨ ਪਰਿਵਾਰ ਜਾਂ ਵੱਡੇ ਸਰਮਾਏਦਾਰਾਂ ਦਾ ਹੱਥ ਨਹੀਂ ਹੈ, ਬਲਕਿ ਮੇਰੇ ਕੋਲ ਆਮ ਲੋਕਾਂ ਦੀਆਂ ਅਸੀਸਾਂ ਹਨ। ਜਦੋਂ ਤੱਕ ਪੰਜਾਬ ਦੇ ਲੋਕ ਮੇਰੇ ਨਾਲ ਖੜ੍ਹੇ ਹਨ, ਮੈਨੂੰ ਵਿਰੋਧੀਆਂ ਦੀ ਕੋਈ ਪ੍ਰਵਾਹ ਨਹੀਂ।
ਕਾਂਗਰਸ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਫੁੱਟ ਨਾਲ ਜੂਝ ਰਹੀ ਹੈ ਅਤੇ ਇਸ ਦੇ ਆਗੂ ਆਪਸ ਵਿੱਚ ਹੀ ਏਕਤਾ ਕਾਇਮ ਰੱਖਣ ਦੇ ਕਾਬਲ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਜਨਤਕ ਤੌਰ ’ਤੇ ਇੱਕ-ਦੂਜੇ ਦੇ ਵਿਰੋਧੀ ਹੋਣ ਦਾ ਦਿਖਾਵਾ ਕਰਦੇ ਹਨ, ਪਰ ਜਦੋਂ ਮੌਜੂਦਾ ਸਰਕਾਰ ਦਾ ਵਿਰੋਧ ਕਰਨ ਦੀ ਗੱਲ ਆਉਂਦੀ ਹੈ ਤਾਂ ਇਹ ਸਾਰੇ ਅੰਦਰਖਾਤੇ ਇੱਕ ਹੋ ਜਾਂਦੇ ਹਨ।
ਦਲ-ਬਦਲੀਆਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਲੰਮਾ ਸਮਾਂ ਰਹੇ ਕਈ ਆਗੂ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਉਨ੍ਹਾਂ ਆਗੂਆਂ ਵਿੱਚੋਂ ਹਨ ਜਿਨ੍ਹਾਂ ਨੇ ਸਮੇਂ-ਸਮੇਂ ‘ਤੇ ਆਪਣੀਆਂ ਵਫ਼ਾਦਾਰੀਆਂ ਬਦਲੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦਲ-ਬਦਲੀਆਂ ਰਵਾਇਤੀ ਪਾਰਟੀਆਂ ਦੀ ਪਛਾਣ ਬਣ ਚੁੱਕੀਆਂ ਹਨ, ਜਿਨ੍ਹਾਂ ਦੇ ਆਗੂ ਆਪਣੀ ਸਹੂਲਤ ਅਨੁਸਾਰ ਮੌਕਾਪ੍ਰਸਤੀ ਦੀ ਰਾਜਨੀਤੀ ਕਰਦੇ ਹੋਏ ਰੰਗ ਬਦਲਦੇ ਰਹਿੰਦੇ ਹਨ।
ਪ੍ਰਮੁੱਖ ਸਿਆਸੀ ਆਗੂਆਂ ਨੂੰ ਲੋਕਾਂ ਵੱਲੋਂ ਚੋਣਾਂ ਵਿੱਚ ਨਕਾਰੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੂੰ ਹਰਾ ਕੇ ਆਪਣੀ ਜਮਹੂਰੀ ਤਾਕਤ ਦਾ ਸਬੂਤ ਪਹਿਲਾਂ ਹੀ ਦੇ ਦਿੱਤਾ ਹੈ। ਉਨ੍ਹਾਂ ਕਿਹਾ, “ਕੋਈ ਵੀ ਸਿਆਸੀ ਆਗੂ, ਚਾਹੇ ਉਸ ਦਾ ਅਹੁਦਾ ਜਾਂ ਰਸੂਖ਼ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਲੋਕਾਂ ਤੋਂ ਵੱਡਾ ਨਹੀਂ ਹੁੰਦਾ।
ਲੋਕਤੰਤਰ ਵਿੱਚ ਜਨਤਾ ਹੀ ਸਰਵਉੱਚ ਹੈ ਅਤੇ ਉਸ ਦਾ ਫ਼ਤਵਾ ਹੀ ਸਭ ਤੋਂ ਅਹਿਮ ਹੁੰਦਾ ਹੈ। ਕੋਈ ਵੀ ਸਿਆਸੀ ਪਰਿਵਾਰ ਜਾਂ ਵਿਅਕਤੀ ਪੰਜਾਬ ਦੀ ਮਾਲਕੀ ਦਾ ਦਾਅਵਾ ਨਹੀਂ ਕਰ ਸਕਦਾ। ਲੋਕਾਂ ਨੇ ਵਾਰ-ਵਾਰ ਸਾਬਤ ਕੀਤਾ ਹੈ ਕਿ ਉਹ ਹੰਕਾਰ, ਧੋਖਾ ਅਤੇ ਲੁੱਟ-ਖਸੁੱਟ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਜਨਤਾ ਵੋਟਾਂ ਖ਼ਾਤਰ ਝੂਠੇ ਵਾਅਦੇ ਕਰਨ ਵਾਲਿਆਂ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣ ਵਾਲਿਆਂ ਵਿਚਲਾ ਫ਼ਰਕ ਸਾਫ਼ ਸਮਝਦੀ ਹੈ।
