ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਅਕਤੂਬਰ 2026: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਕਾਨੂੰਨ ਅਤੇ ਵਿਵਸਥਾ ਦੇ ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ।

ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦਿੱਤੀ ਜਾ ਸਕਦੀ ਹੈ ।

Read More: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

Leave a Reply

Your email address will not be published. Required fields are marked *