ਫ਼ਿਰੋਜ਼ਪੁਰ 15 ਨਵੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ, ਤਕਨੀਕੀ ਸਿੱਖਿਆ, ਹੁਨਰ ਵਿਕਾਸ ਅਤੇ ਖੇਡਾਂ ਨੂੰ ਆਪਣੇ ਵਿਕਾਸ ਏਜੰਡੇ ਦੇ ਕੇਂਦਰ ਵਿੱਚ ਰੱਖ ਕੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀਆਂ ਦੇਣ ਵਾਲੇ ਬਣਾ ਰਹੀ ਹੈ। ਇੱਥੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲਈ ਸੂਬੇ ਦੇ ਬਜਟ ਦਾ 26 ਫੀਸਦੀ ਹਿੱਸਾ ਰੱਖਣ, ਮਹਿਜ਼ ਚਾਰ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਸਰਹੱਦੀ ਇਲਾਕਿਆਂ ਦੀਆਂ ਸੰਸਥਾਵਾਂ ਦੇ ਉੱਚ ਸਿੱਖਿਆ ਦੇ ਕੇਂਦਰ ਵਜੋਂ ਉੱਭਰਨ ਨਾਲ ਪੰਜਾਬ ਆਪਣੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਰਵਾਇਤੀ ਕਿੱਤਿਆਂ ਤੋਂ ਅੱਗੇ ਦੇਖਣਾ ਚਾਹੀਦਾ ਹੈ, ਉੱਦਮੀ, ਪੇਸ਼ੇਵਰ ਅਤੇ ਖਿਡਾਰੀ ਬਣਨਾ ਚਾਹੀਦਾ ਹੈ, ਜਦੋਂ ਕਿ ਸਰਕਾਰ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਭਰਤੀ ਲਈ ਤਿਆਰੀ ਕਰਨ ਦੇ ਕੈਂਪ ਵੀ ਲਾਏਗੀ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮਾਜ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੇ ਮੂਲ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਗ੍ਰੈਜੂਏਟ ਹੋਣ ਵਾਲਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ, “ਇਹ ਕਨਵੋਕੇਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਸਿਖਰ ਨੂੰ ਦਰਸਾਉਂਦਾ ਮਹੱਤਵਪੂਰਨ ਮੌਕਾ ਹੈ।” ਉਨ੍ਹਾਂ ਨੂੰ ਨਿਮਰ ਰਹਿਣ, ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਉਣ ਦੀ ਪ੍ਰੇਰਨਾ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021 ਵਿੱਚ 98 ਏਕੜ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਇਸ ਸਮੇਂ 2,600 ਤੋਂ ਵੱਧ ਵਿਦਿਆਰਥੀ ਹਨ ਅਤੇ ਅਗਲੇ ਸਾਲ ਤੱਕ ਇਸ ਵਿੱਚ ਦਾਖ਼ਲਾ ਦੁੱਗਣਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, “ਸਰਹੱਦੀ ਖੇਤਰਾਂ ਵਿੱਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਾਡੀ ਸਰਕਾਰ ਦੀ ਤਰਜੀਹ ਰਹੀ ਹੈ, ਜਿਸ ਨੇ ਇਹ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਤਾਂ ਕਿ ਇਨ੍ਹਾਂ ਖੇਤਰਾਂ ਦੇ ਨੌਜਵਾਨਾਂ ਦੀ ਪਹੁੰਚ ਮਿਆਰੀ ਉੱਚ ਸਿੱਖਿਆ ਤੱਕ ਹੋ ਸਕੇ।
ਉਨ੍ਹਾਂ ਕਿਹਾ, “ਪਹਿਲਾਂ, ਸਰਹੱਦੀ ਖੇਤਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦੇ ਅਦਾਰਿਆਂ ਤੱਕ ਸੀਮਤ ਪਹੁੰਚ ਸੀ। ਅੱਜ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਇਸ ਸਰਹੱਦੀ ਪੱਟੀ ਦੇ ਨੌਜਵਾਨਾਂ ਲਈ ਸਿੱਖਿਆ ਦੇ ਚਾਨਣ ਮੁਨਾਰੇ ਵਜੋਂ ਉੱਭਰੀ ਹੈ। ਸਾਡੀ ਨੌਜਵਾਨ ਪੀੜ੍ਹੀ ਨੂੰ ਸਮਰੱਥ ਬਣਾਉਣ ਲਈ ਸਿੱਖਿਆ, ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਜ਼ਰੂਰੀ ਹਨ ਅਤੇ ਇਹ ਯੂਨੀਵਰਸਿਟੀ ਇਸ ਦਿਸ਼ਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਸਿਰਫ਼ ਰੁਜ਼ਗਾਰ ਦੀ ਭਾਲ ਕਰਨ ਲਈ ਹੀ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ ਲਈ ਵੀ ਤਿਆਰ ਕਰ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਸੰਸਥਾ ਦੇ ਗ੍ਰੈਜੂਏਟ ਕਾਰੋਬਾਰ ਸਥਾਪਤ ਕਰਨਗੇ, ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਸਕੂਲਾਂ, ਕਾਲਜਾਂ ਅਤੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ, “ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸੰਸਥਾ ਨੇ ਆਈ.ਏ.ਐਸ. ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਲ-ਨਾਲ ਕਈ ਹੋਰ ਖੇਤਰਾਂ ਵਿੱਚ ਵੀ ਨਾਮਵਰ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ। ਸਾਡਾ ਟੀਚਾ ਨੌਜਵਾਨਾਂ ਨੂੰ ਅਜਿਹੇ ਗਿਆਨ ਅਤੇ ਹੁਨਰ ਨਾਲ ਲੈਸ ਕਰਨਾ ਹੋਣਾ ਚਾਹੀਦਾ ਹੈ ਜੋ ਉਨ੍ਹਾਂ ਨੂੰ ਆਪਣੇ ਅਤੇ ਦੂਜਿਆਂ ਲਈ ਮੌਕੇ ਪੈਦਾ ਕਰਨ ਦੇ ਯੋਗ ਬਣਾਉਣ।
ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਆਏ ਕ੍ਰਾਂਤੀਕਾਰੀ ਬਦਲਾਅ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ, “ਇਹ ਮਹਿਜ਼ ਚਾਰ ਸਾਲਾਂ ਵਿੱਚ ਲਗਭਗ 11 ਗੁਣਾ ਵਾਧਾ ਹੈ ਅਤੇ ਇਹ ਸਾਡੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਹੋਏ ਵਿਆਪਕ ਸੁਧਾਰ ਨੂੰ ਦਰਸਾਉਂਦਾ ਹੈ। ਇਸ ਪ੍ਰਾਪਤੀ ਇਸ ਨਜ਼ਰੀਏ ਤੋਂ ਹੋਰ ਵੀ ਅਹਿਮ ਹੋ ਜਾਂਦੀ ਹੈ ਕਿ ਸਫ਼ਲ ਹੋਣ ਵਾਲੇ ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਸਬਜ਼ੀ ਵਿਕਰੇਤਾਵਾਂ ਦੇ ਬੱਚੇ ਸ਼ਾਮਲ ਹਨ। ਇਹ ਬੱਚੇ ਹੁਣ ਆਪਣੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਸਦਕਾ ਦੇਸ਼ ਦੀਆਂ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਸ ਖੇਤਰ ਲਈ ਆਪਣੇ ਬਜਟ ਦਾ 26 ਫ਼ੀਸਦੀ ਹਿੱਸਾ ਰਾਖਵਾਂ ਰੱਖਿਆ ਹੈ। ਉਨ੍ਹਾਂ ਨੇ ਖੇਡਾਂ ਲਈ 1,794 ਕਰੋੜ ਰੁਪਏ ਦੇ ਬਜਟ ਦਾ ਜ਼ਿਕਰ ਕਰਦਿਆਂ ਇਸ ਨੂੰ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਨੌਜਵਾਨਾਂ ਲਈ ਮੌਕਿਆਂ ਦੇ ਵਿਸਥਾਰ ਪ੍ਰਤੀ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਦਾ ਪ੍ਰਮਾਣ ਦੱਸਿਆ।
ਹਾਲ ਹੀ ਵਿੱਚ ਕਰਵਾਈ ਗਈ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਅੰਦਰ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖੇਡ ਪ੍ਰਤਿਭਾਵਾਂ ਲਈ ਲਗਾਤਾਰ ਮੌਕੇ ਸਿਰਜ ਰਹੀ ਹੈ ਅਤੇ ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਫ਼ਲਤਾ ਸਿਰਫ਼ ਡਾਕਟਰ ਜਾਂ ਇੰਜਨੀਅਰ ਬਣਨ ਤੱਕ ਹੀ ਸੀਮਤ ਨਹੀਂ ਹੈ। ਖੇਡਾਂ ਅਤੇ ਕਈ ਹੋਰ ਖੇਤਰਾਂ ਵਿੱਚ ਵੀ ਬੇਅੰਤ ਮੌਕੇ ਮੌਜੂਦ ਹਨ। ਸਾਡੇ ਨੌਜਵਾਨਾਂ ਨੂੰ ਆਪਣੀਆਂ ਰੁਚੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਬਹੁਤ ਸਾਰੇ ਰਸਤੇ ਹਨ ਜਿਨ੍ਹਾਂ ਰਾਹੀਂ ਉਹ ਬੁਲੰਦੀਆਂ ਛੂਹ ਸਕਦੇ ਹਨ ਅਤੇ ਸਮਾਜ ਦੀ ਸੇਵਾ ਕਰ ਸਕਦੇ ਹਨ।”
ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਇੱਛਾਵਾਂ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਬੱਚੇ ਵਿੱਚ ਵੱਖ-ਵੱਖ ਖ਼ੂਬੀਆਂ ਅਤੇ ਪ੍ਰਤਿਭਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ, “ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੁੱਲ੍ਹੇ ਆਸਮਾਨ ਵਿੱਚ ਉੱਡਣ ਦੇਣ ਅਤੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਖੰਭ ਲਾਉਣ। ਉਨ੍ਹਾਂ ਕਿਹਾ ਕਿ ਸਮਾਜ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪੇਸ਼ੇਵਰਾਂ ਦੀ ਲੋੜ ਹੈ ਅਤੇ ਹਰ ਬੱਚੇ ਵਿੱਚ ਕੁਝ ਵੱਖਰਾ ਹਾਸਲ ਕਰਨ ਦੀ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਹਵਾਈ ਜਹਾਜ਼ ਨੂੰ ਵੀ ਰਨਵੇਅ ਤੱਕ ਪਹੁੰਚਣ ਲਈ ਸਹਾਇਤਾ ਦੀ ਲੋੜ ਹੁੰਦੀ ਹੈ, ਪਰ ਇੱਕ ਵਾਰ ਉਡਾਣ ਭਰਨ ਤੋਂ ਬਾਅਦ ਉਸ ਦੀ ਮੰਜ਼ਿਲ ਉਸ ਦੇ ਇੰਜਣ ਦੀ ਤਾਕਤ ’ਤੇ ਨਿਰਭਰ ਕਰਦੀ ਹੈ।
Read More: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 623ਵੇਂ ਦਿਨ 120 ਨਸ਼ਾ ਤਸਕਰ 1.9 ਕਿਲੋ ਹੈਰੋਇਨ ਸਮੇਤ ਕਾਬੂ
