ਚੰਡੀਗੜ੍ਹ, 18 ਨਵੰਬਰ, 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਸ਼ਿਕਾਇਤਾਂ ‘ਤੇ ਚਰਚਾ ਕਰਨ ਲਈ ਵਿਸਥਾਰਤ ਮੀਟਿੰਗਾਂ ਕੀਤੀਆਂ।
ਮੀਟਿੰਗਾਂ ਦੌਰਾਨ, ਯੂਨੀਅਨ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਆਪਣੀਆਂ ਮੁੱਖ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਯੂਨੀਅਨ ਨੁਮਾਇੰਦਿਆਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ।”
ਮੀਟਿੰਗ ਵਿੱਚ ਵਿਚਾਰੇ ਗਏ ਮਾਮਲਿਆਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ, ਵਿੱਤ ਮੰਤਰੀ ਨੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਅਤੇ ਇੱਕ ਹਫ਼ਤੇ ਦੇ ਅੰਦਰ ਸਥਿਤੀ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਵਿੱਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।
ਮੀਟਿੰਗ ਵਿੱਚ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪੀਐਸਪੀਸੀਐਲ) ਦੇ ਚੇਅਰਮੈਨ ਕੁਲਜੀਤ ਸਿੰਘ ਲੋਹਕਾ, ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ, ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਗੁਰਵਿੰਦਰ ਸਿੰਘ, ਆਊਟਸੋਰਸਡ ਸਿਹਤ ਵਿਭਾਗ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਜਿੰਦਰ ਸਿੰਘ, ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਨਿਰੋਲ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ, ਐਨਲਿਸਟਮੈਂਟ ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਪ੍ਰਧਾਨ ਵਰਿੰਦਰ ਸਿੰਘ, ਐਨਐਸਕਿਊਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਪ੍ਰਤੀਨਿਧੀ ਰਣਜੀਤ ਸਿੰਘ ਬਰਨਾਲਾ, 3704 ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ, ਮਿਡ-ਡੇਅ ਮੀਲ ਅਤੇ ਸਫਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਕੰਟਰੈਕਟ ਇੰਪਲਾਈਜ਼ ਸਟ੍ਰਗਲ ਫਰੰਟ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਸ਼ਾਮਲ ਸਨ।
Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਦਾ ਦੌਰਾ ਕਰਨਗੇ
