ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਬਠਿੰਡਾ : – ਸੰਯੁਕਤ ਕਿਸਾਨ ਮੋਰਚ ਭਾਰਤ ਦੇ ਸੱਦੇ ਤੇ ਕਿਸਾਨ ਮੋਰਚਾ ਜ਼ਿਲਾ ਬਠਿੰਡਾ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮੰਗ ਪੱਤਰ ਸੌਪਿਆ | ਇਸ ਤੋਂ ਪਹਿਲਾ ਕਿਸਾਨ ਨੇ ਬੀਬਾ ਬਾਦਲ ਦੇ ਦਫ਼ਤਰ ਬਾਹਰ ਧਰਨਾ ਦੇ ਕਿ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਉਗਰਾਹਾਂ ਦੇ ਜ਼ਿਲਾ ਮੀਤ ਪ੍ਰਧਾਨ ਜਗਦੇਵ ਸਿੰਘ ਜੋਗੇਵਾਲਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜਿਲਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਬੀਕਯ ਉਗਰਾਹਾਂ ਦੇ ਜਿਲਾ ਆਗੂ ਜਗਸੀਰ ਸਿੰਘ ਝੁੰਬਾ ਅਤੇ ਬੀਕੇਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਮੰਗ ਕੀਤੀ ਕਿ ਖੇਤੀ ਯੋਗ ਜ਼ਮੀਨਾਂ, ਖੇਤੀ ਦਾ ਮੰਡੀਕਰਨ ਅਤੇ ਅਨਾਜ ਦੀ ਸਾਂਭ ਸੰਭਾਲ ਆਦਿ ਵਰਗੇ ਮਹੱਤਵਪੂਰਨ ਖੇਤਰਾਂ ਉੱਪਰ ਕਾਰਪੋਰੇਟ ਦਾ ਕਬਜ਼ਾ ਕਰਾਉਣ ਲਈ ਲਿਆਂਦੇ ਗਏ ਨਵੇਂ ਖੇਤੀ ਖਰੜੇ ਨੂੰ ਪੰਜਾਬ ਸਰਕਾਰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਰੱਦ ਕੀਤਾ ਜਾਵੇ ।
ਉਨਾਂ ਮੰਗ ਪੱਤਰ ਵਿਚ ਮੈਂਬਰ ਪਾਰਲੀਮੈਂਟ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਦਿੱਲੀ ਮੋਰਚੇ ਤੋਂ ਬਾਅਦ ਕੇਂਦਰ ਸਰਕਾਰ ਨਾਲ ਹੋਏ ਲਿਖਤੀ ਸਮਝੌਤੇ ਵਿਚ ਮੰਨੀਆਂ ਹੋਈਆਂ ਮੰਗਾਂ ਜਿਨਾਂ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜੇ ਖਤਮ ਕਰਨਾ ,ਸਰਕਾਰੀ ਖੇਤਰ ਵਿਚ ਫਸਲਾਂ ਲਈ ਬੀਮਾ ਪਾਲਸੀ ਲਾਗੂ ਕਰਨਾ, ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦੇਣਾ ,ਕਿਸਾਨਾਂ ਦੀਆਂ ਫਸਲਾਂ ਦੀ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖਰੀਦ ਲਈ ਕਾਨੂੰਨੀ ਗਰੰਟੀ ਵਾਲਾ ਕਾਨੂੰਨ ਬਣਾਉਣਾ ,ਨਵਾਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਬਿਜਲੀ ਐਕਟ ਰੱਦ ਕਰਨਾ ਆਦਿ ਤੋਂ ਕੇਂਦਰ ਸਰਕਾਰ ਭਗੌੜੀ ਹੋ ਚੁੱਕੀ ਹੈ।
ਉਪਰੋਕਤ ਮੰਗਾਂ ਨੂੰ ਪਾਰਲੀਮੈਂਟ ਵਿਚ ਉਠਾਇਆ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇ।
ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪਾਰਲੀਮੈਂਟ ਸਮੇਤ ਹਰ ਮੰਚ ਉਪਰ ਉਠਾਇਆ ਜਾਵੇਗਾ ਅਤੇ ਮੰਗਾਂ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
