ਸੰਗਰੂਰ :-ਮਨਦੀਪ ਸਿੰਘ ਸਿੱਧੂ ਆਈ. ਪੀ. ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਸ, ਪਟਿਆਲਾ ਰੇਂਜ, ਪਟਿਆਲਾ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਸ, ਸੰਗਰੂਰ ਦੀ ਕਮਾਂਡ ਹੇਠ ਜ਼ਿਲਾ ਪੁਲਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਂ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000 ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਆਈ.ਪੀ.ਐੱਸ. ਅਤੇ ਸਰਤਾਜ ਸਿੰਘ ਚਾਹਲ ਆਈ.ਪੀ.ਐੱਸ., ਐੱਸ.ਐੱਸ.ਪੀ. ਸੰਗਰੂਰ ਨੇ ਕਿਹਾ ਕਿ ਸਾਡੇ ਅਧਿਕਾਰੀ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ, ਜੋ ਕਿ ਪੂਰੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ’ਚ 24 ਘੰਟੇ ਜੁਟੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਅਤੇ ਜਵਾਨਾਂ ਦੀ ਚੌਕਸੀ ਨਾਲ ਜ਼ਿਲਾ ਸੰਗਰੂਰ ’ਚ ਗੈਰ-ਸਮਾਜਿਕ ਅਨਸਰਾਂ ਨੂੰ ਠੱਲ ਪਾਉਣ ’ਚ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ’ਚ ਇਨ੍ਹਾਂ ਵੱਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ’ਚ ਹੋਰ ਵੀ ਤਨਦੇਹੀ ਨਾਲ ਆਪਣਾ ਯੋਗਦਾਨ ਪਾਈ ਜਾਣ ਦੀ ਲੋੜ ਹੈ ਤਾਂ ਜੋ ਨਸ਼ਾ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ ਅਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਦਾ ਸਹੀ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਆਈ.ਪੀ.ਐੱਸ ਨੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਆਈ.ਪੀ.ਐੱਸ. ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਸੰਗਰੂਰ ਪੁਲਸ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਹੋਰ ਵੀ ਮਿਹਨਤ, ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਾਲ-ਨਾਲ ਪਬਲਿਕ ਦੀਆਂ ਮੁਸ਼ਕਿਲਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਪਬਲਿਕ ਨਾਲ ਚੰਗਾ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ।
