ਕਚਹਿਰੀ ਵਿਚ ਧਰਨਾਂ ਦੇ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਬਠਿੰਡਾ :- ਕਰੀਬ 20 ਦਿਨ ਪਹਿਲਾਂ ਇਕ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੁਲਸ ਵਲੋਂ ਕੋਈ ਸੁਰਾਗ ਨਾ ਮਿਲਣ ਅਤੇ ਕੋਈ ਕਾਰਵਾਈ ਨਾ ਕਰਨ ਕਾਰਨ ਗੁੱਸੇ ਵਿਚ ਆਏ ਵਕੀਲਾਂ ਨੇ ਸੋਮਵਾਰ ਨੂੰ ਫਿਰ ਅਦਾਲਤਾਂ ਦਾ ਕੰਮਕਾਜ ਠੱਪ ਕਰ ਕੇ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਕਚਹਿਰੀ ਵਿਚ ਧਰਨਾਂ ਦੇ ਕਿ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਵਕੀਲਾਂ ਨੇ ਕੰਮ ਰੋਕ ਕੇ ਪ੍ਰਦਰਸ਼ਨ ਕੀਤਾ ਸੀ। ਇਸ ਮੌਕੇ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਦੱਸਿਆ ਕਿ 23 ਜਨਵਰੀ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਵਕੀਲ ਯਸ਼ਪਿੰਦਰ ਪਾਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। 20 ਦਿਨ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਪੁਲਸ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਭ ਸਕੀ ਅਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਹੀ ਮਾਮਲਾ ਦਰਜ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਧਿਕਾਰੀਆਂ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਗਈਆਂ ਹਨ ਪਰ ਮਾਮਲੇ ਦੀ ਕੋਈ ਜਾਂਚ ਨਹੀਂ ਹੋ ਰਹੀ। ਇਸ ਦੇ ਉਲਟ ਪੀੜਤ ਵਕੀਲ ਦਾ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਅਤੇ ਉਸ ਦੇ ਮੋਬਾਈਲ ਫੋਨ ਦਾ ਰਿਕਾਰਡ ਵੀ ਡਿਲੀਟ ਕਰ ਦਿੱਤਾ ਗਿਆ।
ਜਾਪਦਾ ਹੈ ਕਿ ਪੁਲਸ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਇਸ ਕਾਰਨ ਵਕੀਲਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਕੇਸ ਵਿਚ ਮੁਲਜ਼ਮਾਂ ਦਾ ਨਾਮ ਦਰਜ ਕਰ ਕੇ ਗ੍ਰਿਫ਼ਤਾਰ ਨਾ ਕੀਤਾ ਤਾਂ ਵਕੀਲ ਆਪਣੀ ਹੜਤਾਲ ਜਾਰੀ ਰੱਖਣਗੇ।