ਕਿਹਾ-ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ : ਨਰਿੰਦਰ ਕੌਰ ਭਰਾਜ
ਸੰਗਰੂਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਨੂੰ ਸਰਵੋਤਮ ਸੇਵਾਵਾਂ ਤੇ ਸੁਵਿਧਾਵਾਂ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬਧ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਬਖੋਪੀਰ ਅਤੇ ਲੱੱਡੀ ਵਿਖੇ ਵੱਖ-ਵੱਖ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟ ਉਤੇ 1.30 ਕਰੋੜ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼ ਅਤੇ ਸ਼ੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਹਿੱਸੇ ਦਾ ਕਾਇਆ ਕਲਪ ਕਰਨ ਲਈ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਹ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਦੋਵਾਂ ਪਿੰਡਾਂ ਦੇ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉਦਮ ਲਈ ਧੰਨਵਾਦ ਕੀਤਾ।

