ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਵੀਰਵਾਰ ਨੂੰ ਰਾਮਲੀਲਾ ਮੈਦਾਨ ਵਿਚ ਇਕ ਸਮਾਰੋਹ ਵਿਚ 6 ਮੰਤਰੀਆਂ ਨਾਲ ਸਹੁੰ ਚੁੱਕੀ ਸੀ। ਰਾਸ਼ਟਰੀ ਰਾਜਧਾਨੀ ਵਿਚ ਭਾਜਪਾ 27 ਸਾਲ ਬਾਅਦ ਸੱਤਾ ਵਿਚ ਆਈ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਰੇਖਾ ਗੁਪਤਾ ਹਾਲ ਹੀ ‘ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ, ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ ‘ਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ।
ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣੀ ਹੈ। ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਦੱਸਣਯੋਗ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੇ ਦਹਾਕੇ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।

