ਕਿਹਾ-ਇਹ ਮੁਹਿੰਮ ਸੂਬੇ ’ਚੋਂ ਨਸ਼ਾ ਸਮੱਗਲਿੰਗ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ
- ਪਰਿਵਾਰਾਂ ਨੂੰ ਆਪਣੇ ਨਸ਼ਾ ਪੀੜਤ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਉਣ ਦੀ ਕੀਤੀ ਅਪੀਲ
ਚੰਡੀਗੜ੍ਹ -: ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਸਮੱਗਲਿੰਗ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ੇ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ ਕੀਤੇ ਹਨ।
ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਸਮੱਗਲਿੰਗ ਨੂੰ ਨੱਥ ਪਾਉਣ ਲਈ ਉਲੀਕੀ ਗਈ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਸਮੱਗਲਰਾਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ, ਜਿਨ੍ਹਾਂ ’ਚ ਉਹ ਆਪ, ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੂੰ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਵੇਂ ਕਮੇਟੀ ਮੈਂਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸੂਬੇ ਵਿਚ ਨਸ਼ਾ ਛੁਡਾਊ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ।
ਵਿੱਤ ਮੰਤਰੀ ਨੇ ਦੱਸਿਆ ਕਿ ਉਹ ਲਗਾਤਾਰ ਪਠਾਨਕੋਟ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਯਕੀਨੀ ਬਣਾਉਣਗੇ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੀ ਨਿਗਰਾਨੀ ਕਰਨਗੇ, ਜਦਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮਾਨਸਾ ਅਤੇ ਫਿਰੋਜ਼ਪੁਰ ਦੀ ਨਿਗਰਾਨੀ ਕਰਨਗੇ।
ਵਿੱਤ ਮੰਤਰੀ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਨ੍ਹਾਂ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੈ, ਜਿਸ ਨਾਲ ਨਸਾ ਪੀੜਤਾਂ ਲਈ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਨਿਰਦੇਸ਼ਾਂ ਤਹਿਤ ਸੂਬੇ ’ਚ ਨਸ਼ਿਆਂ ਦੀ ਸਮੱਗਲਿੰਗ ਨੂੰ ਅੰਤਮ ਝਟਕਾ ਦਿੱਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ।
