ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ’ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ
ਰੇਲ ਆਵਾਜਾਈ ਅਤੇ ਸੜਕਾਂ ਰੋਕਣ ਨਾਲ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਨੀ ਸਰਕਦੀ ਪਰ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ’ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ, ਜਿਸ ਨਾਲ ਸਮਾਜ ਵਿਚ ਫੁੱਟ ਪੈਦਾ ਹੁੰਦੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਿਬ ਅਤੇ ਅਣਉਚਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ ’ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਮਾਜ ਵਿਚ ਫੁੱਟ ਪਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਬਚਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ’ਤੇ ਬੁਰਾ ਪ੍ਰਭਾਵ ਪੈਂਦਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਨਾਲ ਇੰਨੀਆਂ ਮੀਟਿੰਗਾਂ ਨਹੀਂ ਕੀਤੀਆਂ। ਇਹ ਬਹੁਤ ਮੰਦਭਾਗਾ ਹੈ ਕਿ ਇਹ ਮੁੱਦੇ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦੇ ਬਾਵਜੂਦ ਵੀ ਕਿਸਾਨ ਅਜੇ ਵੀ ਸੂਬੇ ’ਚ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੇ ਰਖਵਾਲੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਮਹਿਫੂਜ਼ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਤਿਆਰ ਕੀਤੇ ਗਏ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਦਾ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿਚ ਕੋਈ ਭੂਮਿਕਾ ਨਹੀਂ। ਇਹ ਖਰੜਾ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜੇ ਗਏ ਲਿਖਤੀ ਜਵਾਬ ਰਾਹੀਂ ਇਸ ਖਰੜੇ ਦੀ ਸਖ਼ਤ ਮੁਖਾਲਫ਼ਤ ਕਰ ਚੁੱਕੀ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੂਬੇ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਖੇਤੀਬਾੜੀ ਨੀਤੀ ਦਾ ਖਰੜਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਤੋਂ ਸੁਝਾਅ ਮੰਗੇ ਗਏ ਹਨ ਅਤੇ ਸਾਰਿਆਂ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਭਾਈਵਾਲਾਂ ਦਾ ਜਵਾਬ ਮਿਲਣ ਤੋਂ ਬਾਅਦ ਹੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਸਾਰੇ ਭਾਈਵਾਲਾਂ ਤੋਂ ਜਵਾਬ ਪ੍ਰਾਪਤ ਹੋ ਜਾਵੇਗਾ।
ਇਕ ਹੋਰ ਮੁੱਦੇ ’ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ-ਨਿਰਭਰ ਬਣਾਇਆ।
