ਅਮਨ ਅਰੋੜਾ ਨੇ ਹਲਕੇ ਦੇ ਪਿੰਡਾਂ ’ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਿਹਾ-ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ
ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਤਕਰੀਬਨ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਖੇੜੀ ਵਿਖੇ 2.15 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ-ਪਾਤੜਾਂ ਰੋਡ ਤੋਂ ਈਲਵਾਲ ਤੱਕ ਲਿੰਕ ਸੜਕ ਅਤੇ ਪਿੰਡ ਨਮੋਲ ਵਿਖੇ 1.5 ਕਰੋੜ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਦੁਧੇਸ਼ਵਰ ਧਾਮ ਨੂੰ ਜਾਂਦੀ ਸੜਕ ਚੌੜੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸਦੇ ਨਾਲ ਹੀ ਚੀਮਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਮੋਘਿਆਂ ਦੇ ਕੰਮ ਅਤੇ 60 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।
ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਚੌਵਾਸ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੇ ਸ਼ੈੱਡ ਅਤੇ ਸੜਕ ਬਣਾਉਣ ਦੇ ਕੰਮ ਦੀ ਵੀ ਨੀਂਹ ਰੱਖੀ ਗਈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਈਲਵਾਲ, ਕੰਮੋਮਾਜਰਾ ਕਲਾਂ, ਕਨੋਈ, ਖੇੜੀ, ਬਹਾਦਰਪੁਰ, ਭੰਮਾਬੱਦੀ, ਕਿਲਾ ਭਰੀਆਂ, ਮੰਡੇਰ ਖੁਰਦ, ਦਿਆਲਗੜ੍ਹ, ਸਾਹੋਕੇ ਤੇ ਘਾਸੀਵਾਲਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ 40 ਲੱਖ 50 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।
ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਸੁਨਾਮ ਹਲਕੇ ਵਿਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇਕ-ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ’ਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵਿਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਨਾ ਸਿਰਫ ਨਸ਼ਾ ਸਮੱਗਲਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾਣਗੇ।
ਇਸ ਮੌਕੇ ਐੱਸ. ਡੀ. ਐੱਮ. ਮਨਜੀਤ ਕੌਰ, ਬੀ. ਡੀ. ਪੀ. ਓ. ਗੁਰਦਰਸ਼ਨ ਸਿੰਘ, ਗੁਰਿੰਦਰਪਾਲ ਸਿੰਘ ਖੇੜੀ, ਮਨਦੀਪ ਸਿੰਘ, ਦੀਪ ਸਰਪੰਚ, ਬਲਜਿੰਦਰ ਸਿੰਘ ਈਲਵਾਲ, ਸਰਪੰਚ ਜਸਦੀਪ ਸਿੰਘ ਬਹਾਦਰਪੁਰ, ਹਰਜੀਤ ਸਿੰਘ, ਸੁਖਦਰਸ਼ਨ ਸਿੰਘ, ਗੁਰਚਰਨ ਸਿੰਘ ਸਰਪੰਚ ਚੌਵਾਸ, ਰਾਜ ਸ਼ਰਮਾ, ਜਰਨੈਲ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *