ਡੇਢ ਮਹੀਨਾ ਪਹਿਲਾਂ ਹੋਇਆ ਵਿਆਹ
ਸ੍ਰੀ ਹਰਗੋਬਿੰਦਪੁਰ ਸਾਹਿਬ -: ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਇਕ ਤੇਜ਼ ਰਫਤਾਰ ਟਿੱਪਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਮੌਤ ਹੋ ਗਈ ਹੈ।
ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਰਸਾਲਚੱਕ, ਜੋ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਹੇਅਰ ਡਰੈੱਸਰ ਦੀ ਦੁਕਾਨ ਚਲਾਉਂਦਾ ਸੀ, ਦਾ ਡੇਢ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਬੀਤੀ ਰਾਤ ਜਦੋਂ ਇਹ ਦੁਕਾਨ ਬੰਦ ਕਰ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਲਾਈਟਾਂ ਵਾਲੇ ਚੌਕ ਨੇੜੇ ਗੁਰਦਾਸਪੁਰ ਰੋਡ ’ਤੇ ਇਕ ਤੇਜ਼ ਰਫਤਾਰ ਟਿੱਪਰ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਟਿੱਪਰ ਚਾਲਕ ਟਿੱਪਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਦੇ ਬਿਆਨ ’ਤੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਟਿੱਪਰ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ।
