ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ

ਅੰਮ੍ਰਿਤਸਰ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਾਨ ਅਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿਚ ਸੂਬਾ ਹਰ ਖੇਤਰ ਵਿਚ ਦੇਸ਼ ਦੀ ਅਗਵਾਈ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿਚ ਅੱਜ ਦੇ ਦਿਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਪੰਜਾਬ ਵਿਧਾਨ ਸਭਾ ਵਿਚ ਭਾਰੀ ਬਹੁਮਤ ਦੇ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਖ਼ਤ ਯਤਨ ਕੀਤੇ ਹਨ।
ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿਚ ਲੋਕਾਂ ਦੀ ਸੇਵਾ ਲਈ ਇਤਿਹਾਸਕ ਫੈਸਲੇ ਲਏ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿਚ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਸੂਬੇ ਵਿਚ ਕ੍ਰਾਤੀਕਾਰੀ ਤਬਦੀਲੀਆਂ ਆਉਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਸੇਵਾ ’ਤੇ ਹੋਵੇਗਾ।

ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ : ਕੇਜਰੀਵਾਲ
ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਚਨਾ ਕੇਂਦਰ ਦੇ ਬਾਹਰ ਜਦੋਂ ਮੀਡੀਆ ਨੂੰ ਸੰਬੋਧਨ ਕੀਤਾ ਤਾਂ ਅੰਤ ਵਿਚ ਮੀਡੀਆ ਵੱਲੋਂ ਇਹ ਸਵਾਲ ਕੀਤਾ ਗਿਆ ਕਿ ਜਿਹੜਾ ਵਿਰੋਧੀ ਧਿਰ ਵੱਲੋਂ ਵਾਰ-ਵਾਰ ਇਹ ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ ’ਚ ਬਦਲਣਾ ਚਾਹੁੰਦੇ ਹਨ ਤਾਂ ਮੁੱਖ ਮੰਤਰੀ ਅਤੇ ਕੇਜਰੀਵਾਲ ਦੋਵੇਂ ਹੀ ਖੁੱਲ੍ਹ ਕੇ ਹੱਸੇ ਅਤੇ ਕੇਜਰੀਵਾਲ ਨੇ ਹਾਸੇ ਵਿਚ ਹੀ ਐਲਾਨ ਕਰ ਦਿੱਤਾ ਕਿ ਭਗਵੰਤ ਮਾਨ ਹੀ ਪੂਰੇ ਪੰਜ ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ।
ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਉਸ ਤੋਂ ਅਗਲੇ ਪੰਜ ਸਾਲ ਅਤੇ ਉਸ ਤੋਂ ਵੀ ਅਗਲੇ ਪੰਜ ਸਾਲ ਕੁੱਲ 15 ਸਾਲ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ।
