ਹੁਣ 4 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਬਠਿੰਡਾ :-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਐਕਸੀਅਨ ਗੁਰਪ੍ਰੀਤ ਸਿੰਘ ਵੱਲੋਂ ਬਠਿੰਡਾ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਤੋਂ ਆਪਣੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਹਾਈਕੋਰਟ ਵੱਲੋਂ ਪਹਿਲਾਂ 21 ਮਾਰਚ ਨੂੰ ਸੁਣਵਾਈ ਲਈ ਤਰੀਕ ਰੱਖੀ ਗਈ ਸੀ ਪਰ ਉਸ ਦਿਨ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ 24 ਮਾਰਚ ਦੀ ਤਰੀਕ ਦਿੱਤੀ ਗਈ ਪਰ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਐਕਸੀਅਨ ਗੁਰਪ੍ਰੀਤ ਸਿੰਘ ਖਿਲਾਫ ਕੋਈ ਵੀ ਰਿਕਾਰਡ ਪੇਸ਼ ਨਾ ਕਰਨ ’ਤੇ ਹੁਣ ਅਗਲੀ ਤਰੀਕ 4 ਅਪ੍ਰੈਲ ਰੱਖੀ ਗਈ ਹੈ।
ਗੌਰ ਹੈ ਕਿ ਐਕਸੀਅਨ ਗੁਰਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਦੇ ਹੋਏ ਜ਼ਮਾਨਤ ਦੀ ਅਰਜ਼ੀ ਲਾਈ ਹੈ। ਹੁਣ ਹਾਈਕੋਰਟ 4 ਅਪ੍ਰੈਲ ਨੂੰ ਇਸ ਅਰਜ਼ੀ ’ਤੇ ਸੁਣਵਾਈ ਕਰੇਗੀ।
ਯਾਦ ਰਹੇ ਕਿ 25 ਫਰਵਰੀ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਨਗਰ ਨਿਗਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਕਰ ਕੇ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਉਸ ਦੇ ਖਿਲਾਫ ਲੰਬੇ ਸਮੇਂ ਤੋਂ ਚੱਲ ਰਹੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਹੋਈ ਸੀ, ਜਿਸ ਵਿਚ ਜਾਂਚ ਦੌਰਾਨ ਉਨ੍ਹਾਂ ਕੋਲ ਆਮਦਨ ਦੇ ਸਰੋਤਾਂ ਨਾਲੋਂ 1.83 ਕਰੋੜ ਰੁਪਏ ਵੱਧ ਦੀ ਜਾਇਦਾਦ ਮਿਲੀ ਸੀ।
ਓਧਰ ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐੱਸ.ਪੀ. ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਕੇਸ ਦੀ ਸਟੇਟਸ ਰਿਪੋਰਟ ਮੰਗੀ ਹੈ, ਜੋ 4 ਅਪ੍ਰੈਲ ਨੂੰ ਪੇਸ਼ ਕੀਤੀ ਜਾਵੇਗੀ। ਵਿਜੀਲੈਂਸ ਟੀਮ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ ਕਰ ਰਹੀ ਹੈ।
