ਡੇਰਾ ਬਾਬਾ ਨਾਨਕ : ਜ਼ਿਲਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਭਰਾ ਜਗੀਰ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਉਸ ਦੇ ਭਰਾ ਰਣਧੀਰ ਸਿੰਘ (51) ਦੀ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ।
ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ ਨੇ ਪੰਜਾਬ ਸਰਕਾਰ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਪਿੰਡ ਹਰੂਵਾਲ ’ਚ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਇਸ ਦੌਰਾਨ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ. ਐੱਸ. ਪੀ. ਜੋਗਾ ਸਿੰਘ ਨੇ ਕਿਹਾ ਕਿ ਸ਼ਰਾਬ ਨਾਲ ਇਹ ਮੌਤ ਹੋਣ ਸਬੰਧੀ ਉਨ੍ਹਾਂ ਨੂੰ ਕੋਈ ਲਿਖਤੀ ਦਰਖਾਸਤ ਨਹੀਂ ਆਈ। ਫਿਰ ਵੀ ਪਿੰਡ ਦੇ ਲੋਕਾਂ ਤੋਂ ਜਾਂਚ ਕਰ ਕੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਲੋਕਾਂ ਖਿਲਾਫ ਪਰਚੇ ਦਰਜ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।