ਕਿਹਾ-ਡਰ ਦੀ ਰਾਜਨੀਤੀ ’ਚ ਨਾ ਉਲਝੋ
- 25 ਸਾਲ ਰਾਜ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਲੋਕਾਂ ਨੇ ਰਾਜਨੀਤਕ ਗੁਮਨਾਮੀ ’ਚ ਭੇਜਿਆ : ਭਗਵੰਤ ਮਾਨ
ਪਟਿਆਲਾ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ’ਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਕ ਸੀਨੀਅਰ ਆਗੂ ਨੇ ਐਤਵਾਰ ਨੂੰ ਇਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ’ਚ 50 ਬੰਬ ਸਮੱਗਲ ਕੀਤੇ ਗਏ ਹਨ, ਜਿਨ੍ਹਾਂ ’ਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ’ਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਿਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ ’ਤੇ ਆਧਾਰਿਤ ਰਾਜਨੀਤੀ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ’ਚ ਨਹੀਂ ਆ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ ’ਤੇ ਗੁਮਨਾਮੀ ’ਚ ਭੇਜ ਦਿੱਤਾ ਹੈ। ਸੂਬੇ ਦੇ ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਢੁੱਕਵਾਂ ਸਬਕ ਸਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ ਮਹਿਲਾਂ ’ਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਆਪਣੇ ਆਪ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ’ਚ ਕੈਦ ਕਰ ਲਿਆ।