ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਨੂੰ ਹੋਰ ਵਧਾਈ
ਅੰਮ੍ਰਿਤਸਰ 14 ਜੁਲਾਈ: ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜ ਕੇ ਆਰਡੀਐਕਸ ਨਾਲ ਹਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਇਸ ਧਮਕੀ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ ਅਤੇ ਪੁਲਿਸ ਬਲ ਦੀ ਤਾਇਨਾਤੀ ‘ਚ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ। ਵੱਡੀ ਗਿਣਤੀ ਵਿਚ ਸਾਦੇ ਕੱਪੜਿਆਂ ’ਚ ਪੁਲਿਸ ਬਲ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਵਿਚ ਤਾਇਨਾਤ ਕੀਤਾ ਗਿਆ।
ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਐਫ. ਆਈ. ਆਰ. ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਅਤੇ ਸਾਈਬਰ ਕ੍ਰਾਈਮ ਵਿੰਗ ਸਮੇਤ ਵੱਖ-ਵੱਖ ਏਜੰਸੀਆਂ ਨੂੰ ਚੌਕਸ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅਨੁਸਾਰ ਈਮੇਲ ਦਾ ਮੈਟਰ ਪੜ ਕੇ ਇੰਝ ਲੱਗ ਰਿਹਾ ਕਿ ਜਿਵੇਂ ਸਿਰਫ ਕਿਸੇ ਨੇ ਦਹਿਸ਼ਤ ਫੈਲਾਉਣ ਦੇ ਮੰਤਵ ਨਾਲ ਈਮੇਲ ਭੇਜੀ ਹੈ। ਪੁਲਿਸ ਕਮਿਸ਼ਨਰ ਵੱਲੋਂ ਸੰਗਤਾਂ ਨੂੰ ਬੇਖੌਫ ਹੋ ਕੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਈਮੇਲ ਵਿਚ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਨੂੰ RDX ਨਾਲ ਉਡਾਉਣ ਦਾ ਜ਼ਿਕਰ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਡਰ ਦਾ ਮਾਹੌਲ ਪੈਦਾ ਕਰਨ ਲਈ ਕੀਤਾ ਗਿਆ ਹੈ। ਈਮੇਲ ਕਿਸਨੇ ਅਤੇ ਕਿੱਥੋਂ ਭੇਜੀ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਧਮਕੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਲਈ ਟਾਸਕ ਫੋਰਸ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
Read More : ਏ. ਆਈ. ਜੀ. ਦਲਜੀਤ ਰਾਣਾ ਨੇ ਜੈਵਲਿਨ ਥ੍ਰੋ ’ਚ ਬਣਾਇਆ ਨਵਾਂ ਰਿਕਾਰਡ
