ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ
ਚੰਡੀਗੜ੍ਹ, 17 ਜੁਲਾਈ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸੱਟ ਲੱਗਣ ਕਾਰਨ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਾਬਕਾ ਮੁੱਖ ਮੰਤਰੀ ਦੀ ਹਾਲਤ ਹੁਣ ਸਥਿਰ ਤੇ ਆਮ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਲਾਜ ਤੋਂ ਬਾਅਦ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ।
ਅੱਜ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਹਸਪਤਾਲ ਪਹੁੰਚੇ ਤੇ ਬੀਬੀ ਭੱਠਲ ਨੂੰ ਮਿਲੇ। ਉਨ੍ਹਾਂ ਡਾਕਟਰਾਂ ਦੀ ਟੀਮ ਨਾਲ ਵੀ ਗੱਲਬਾਤ ਕੀਤੀ ਅਤੇ ਇਲਾਜ ਬਾਰੇ ਪੁੱਛਿਆ।
ਪ੍ਰਗਟ ਸਿੰਘ ਨੇ ਕਿਹਾ ਕਿ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੰਜਾਬ ਦੀ ਰਾਜਨੀਤੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਇਸ ਦੇ ਨਾਲ ਹੀ ਹੋਰ ਰਾਜਨੀਤਕ ਤੇ ਸਮਾਜਕ ਸ਼ਖ਼ਸੀਅਤਾਂ ਵੀ ਉਨ੍ਹਾਂ ਦਾ ਹਾਲ ਜਾਣਨ ਲਈ ਪਹੁੰਚ ਰਹੀਆਂ ਹਨ ਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੀਆਂ ਹਨ।